ਬਰਨਾਲਾ: ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਲਗਾਤਾਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਅਤੇ ਕਾਰਪੋਰੇਟ ਘਰਾਣਿਆਂ ਦੇ ਘਿਰਾਓ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਅਤੇ ਸੁਪਰੀਮ ਕੋਰਟ ਵਿੱਚ ਇੱਕ ਅਪੀਲ ਦਾਇਰ ਕੀਤੀ ਗਈ ਹੈ।
ਲੱਖੋਵਾਲ ਯੂਨੀਅਨ ਦੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਮੁੱਚੇ ਅਹੁਦੇਦਾਰਾਂ ਵੱਲੋਂ ਅੱਜ ਜੱਥੇਬੰਦੀ ਤੋਂ ਅਸਤੀਫੇ ਦੇ ਦਿੱਤੇ ਗਏ। ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਵਿੱਚ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਕੀਤੀ ਗਈ, ਜਿਸ ਤੋਂ ਬਾਅਦ ਸਮੁੱਚੇ ਅਹੁਦੇਦਾਰਾਂ ਨੇ ਸਾਂਝੇ ਰੂਪ ਵਿੱਚ ਅਸਤੀਫ਼ੇ ਦਾ ਫ਼ੈਸਲਾ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਅਸਤੀਫ਼ਾ ਦੇਣ ਵਾਲੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਏਕਾ ਕਰਕੇ ਰੇਲਵੇ ਟਰੈਕ ਸਮੇਤ ਵੱਖ-ਵੱਖ ਕਾਰਪੋਰੇਟ ਘਰਾਣੇ ਦੇ ਘਿਰਾਓ ਕੀਤੇ ਗਏ ਹਨ, ਪਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਜਥੇਬੰਦੀ ਦੇ ਅਹੁਦੇ ਨਾਲ ਗੱਲਬਾਤ ਕਰਨ ਤੋਂ ਬਿਨਾਂ ਹੀ ਆਪਣੇ ਪੱਧਰ 'ਤੇ ਸੁਪਰੀਮ ਕੋਰਟ ਵਿੱਚ ਕਾਨੂੰਨਾਂ ਦੇ ਵਿਰੋਧ ਵਿੱਚ ਰਿੱਟ ਦਾਇਰ ਕਰ ਦਿੱਤੀ ਗਈ। ਜਿਸ ਦਾ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਲੱਖੋਵਾਲ ਜਥੇਬੰਦੀ ਦੇ ਅਹੁਦੇਦਾਰਾਂ ਵੱਲੋਂ ਵੀ ਇਤਰਾਜ਼ ਉਠਾਇਆ ਗਿਆ। ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਹੀ ਅਹੁਦੇਦਾਰਾਂ ਵੱਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਅਤੇ ਇਸ ਸਬੰਧੀ ਸਖ਼ਤ ਐਕਸ਼ਨ ਲੈਣ ਲਈ ਕਿਹਾ ਗਿਆ। ਜਿਸ ਕਰਕੇ ਜ਼ਿਲ੍ਹੇ ਦੇ ਅਹੁਦੇਦਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਅਤੇ ਜ਼ਿਲ੍ਹੇ, ਬਲਾਕਾਂ ਸਮੇਤ ਪਿੰਡਾਂ ਵਿਚਲੀਆਂ ਇਕਾਈਆਂ ਦੇ ਸਮੁੱਚੇ ਅਹੁਦੇਦਾਰਾਂ ਵੱਲੋਂ ਲੱਖੋਵਾਲ ਯੂਨੀਅਨ ਤੋਂ ਅਸਤੀਫੇ ਦੇ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਆਰਜ਼ੀ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ (ਬਰਨਾਲਾ) ਬਣਾ ਕੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਅਹੁਦੇਦਾਰ ਕੰਮ ਕਰਨਗੇ। ਇਸ ਵੇਲੇ ਉਨ੍ਹਾਂ ਦਾ ਕੇਂਦਰ ਖੇਤੀ ਕਾਨੂੰਨਾਂ ਦਾ ਵਿਰੋਧ ਹੈ, ਜਿਸ ਕਰਕੇ ਸਾਰੀਆਂ ਕਿਸਾਨ ਧਿਰਾਂ ਨਾਲ ਜੁੜ ਕੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਜਥੇਬੰਦੀ ਦੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਹਰਿੰਦਰ ਸਿੰਘ ਲੱਖੋਵਾਲ ਦੇ ਇਸ ਫੈਸਲੇ ਨਾਲ ਸਾਰੇ ਹੀ ਵਰਕਰਾਂ ਤੇ ਆਗੂਆਂ ਦੇ ਮਨਾਂ ਨੂੰ ਸੱਟ ਲੱਗੀ ਹੈ। ਜਿਸ ਕਰਕੇ ਸਾਰਿਆਂ ਨੇ ਜਗਸੀਰ ਸਿੰਘ ਦੀ ਕਮਾਈ ਵਿੱਚ ਇਕੱਠੇ ਕਰੀਬ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨ ਕੰਮ ਕਰਦੇ ਅਤੇ ਜਗਸੀਰ ਸਿੰਘ ਦੀ ਅਗਵਾਈ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕੰਮ ਕਰਦੇ ਰਹਾਂਗੇ।