ਬਰਨਾਲਾ: ਵੱਡਾ ਘੱਲੂਘਾਰਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਕੁਤਬਾ ਵੱਲੋਂ ਸੰਨ 1762 ਈਸਵੀ ਦੇ ਵਾਪਰੇ ਵੱਡੇ ਘੱਲੂਘਾਰੇ ਵਿੱਚ 35 ਹਜ਼ਾਰ ਸਿੰਘ-ਸਿੰਘਣੀਆਂ ਅਤੇ ਭੁਝੰਗੀਆਂ ਵੱਲੋਂ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਦੇ ਜਬਰ ਜ਼ੁਲਮ ਵਿਰੁੱਧ ਲੜਾਈ ਲੜਦਿਆਂ ਸਿੱਖ ਕੌਮ ਲਈ ਸ਼ਹਾਦਤਾਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਵੀਰਵਾਰ ਨੂੰ ਅਖੀਰਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ, ਐਸਜੀਪੀਸੀ ਅਤੇ ਕਾਂਗਰਸ ਪਾਰਟੀ ਸਮੇਤ ਹੋਰ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ।
ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ:- ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਸੀਂ ਸਿਰ ਝੁਕਾ ਕੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਾਂ। ਇੱਕ ਸਿੱਖ ਕੌਮ ਅਜਿਹੇ ਸੂਰਬੀਰਾਂ ਅਤੇ ਸ਼ਹੀਦਾਂ ਦੀ ਕੌਮ ਹੈ, ਨਿਆਂ ਦੇਣ ਲਈ ਤਿਆਰ ਰਹੀ ਹੈ। ਜਦੋਂ ਵੀ ਦੇਸ਼ ਉੱਪਰ ਭੀੜ ਪਈ ਹੈ, ਇਸ ਕੌਮ ਨੇ ਵੈਰੀਆਂ ਨਾਲ ਟੱਕਰ ਲਈ ਅਤੇ ਜਿੱਤ ਹਾਸਲ ਕੀਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸਾਡੀ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਅਜਿਹੀਆਂ ਕੁਰਬਾਨੀਆਂ ਕਾਰਨ ਹੀ ਅੱਜ ਸਾਡੀ ਸਿੱਖ ਕੌਮ ਬੁਲੰਦੀਆਂ 'ਤੇ ਹੈ, ਘੱਲੂਘਾਰੇ ਦੇ ਸ਼ਹੀਦਾਂ ਦੀ ਵੀ ਸਿੱਖ ਕੌਮ ਨੂੰ ਵਡਮੁੱਲੀ ਦੇਣ ਹੈ। ਅਸੀਂ ਹਮੇਸ਼ਾਂ ਹੀ ਅਜਿਹੇ ਸ਼ਹੀਦਾਂ ਦੇ ਰਿਣੀ ਰਹਾਂਗੇ। ਅਜੋਕੇ ਸਮੇਂ ਵਿੱਚ ਸਿੱਖ ਕੌਮ ਲਈ ਬਹੁਤ ਵੱਡੀਆਂ ਚਣੌਤੀਆ ਅੱਗੇ ਆ ਰਹੀਆਂ ਹਨ। ਇਸ ਲਈ ਸਾਨੂੰ ਲੋੜ ਹੈ ਅੱਜ ਇੱਕ ਹੋਣ ਦੀ ਨੂੰ ਲੋੜ ਹੈ ਧਾਰਮਿਕ ਸੰਸਥਾਵਾਂ ਸਾਂਭਣ ਦੀ ਤਾਂ ਜੋ ਸਿੱਖ ਕੌਮ ਨੂੰ ਵੀ ਸਾਂਭਿਆ ਜਾ ਸਕੇ।
ਕੁਰਬਾਨੀਆਂ ਸਦਕਾ ਆਪਾਂ ਆਜ਼ਾਦੀ ਦਾ ਨਿੱਘ ਮਾਣਦੇ ਹਾਂ:- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੀਤੀਆਂ ਕੁਰਬਾਨੀਆਂ ਸਦਕਾ ਅੱਜ ਆਪਾਂ ਆਜ਼ਾਦੀ ਦਾ ਨਿੱਘ ਦਾ ਆਨੰਦ ਮਾਣਦੇ ਹਾਂ, ਕਿਉਂਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਇਤਿਹਾਸ ਤੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖ ਕੌਮ ਨੂੰ ਸਿਰੋਪਾਓ ਅਤੇ ਲੋਈਆਂ ਦਾ ਕਲਚਰ ਛੱਡ ਕੇ ਅਕਾਲ ਤਖ਼ਤ ਦੀ ਮਰਿਆਦਾ ਅਨੁਸਾਰ ਹਰੇਕ ਇਨਸਾਨ ਨੂੰ ਮਾਣ-ਸਤਿਕਾਰ ਦੇਣਾ ਚਾਹੀਦਾ ਹੈ।
ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣੀ ਚਾਹੀਦੀ ਹੈ:- ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖਾਲਸਾ ਨੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਕਿਹਾ ਕਿ ਸੰਨ 1762 ਈਸਵੀ ਦੇ ਵੱਡੇ ਘੱਲੂਘਾਰੇ ਵਿੱਚ ਸਿੰਘ ਸਿੰਘਣੀਆਂ ਵੱਲੋਂ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਪਿੰਡ ਕੁੱਪ ਰਹੀੜਾ ਕੁਤਬਾ ਅਤੇ ਗਹਿਲ ਦੀ ਧਰਤੀ ਤੱਕ ਜਬਰ ਜ਼ੁਲਮ ਖ਼ਿਲਾਫ਼ ਲੜਾਈ ਲੜਦਿਆਂ ਸਿੱਖ ਕੌਮ ਲਈ ਦਿੱਤੀਆਂ ਸ਼ਹਾਦਤਾਂ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ। ਇਸ ਲਈ ਅੱਜ ਸਾਨੂੰ ਮਹਾਨ ਸ਼ਹੀਦਾਂ ਦੀਆਂ ਕੀਤੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਵਧੇਰੇ ਅੰਮ੍ਰਿਤ ਪਾਨ ਕਰਕੇ ਸਿੱਖ ਕੌਮ ਪੰਥ ਅਤੇ ਗ੍ਰੰਥ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਬਜਾਏ ਪੰਜਾਬ ਅੰਦਰ ਰੁਜ਼ਗਾਰ ਚਲਾਉਣ:- ਇਸ ਦੌਰਾਨ ਸਮਾਜਸੇਵੀ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਸਿੱਖ ਕੌਮ ਕੀਤੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਆਨੰਦ ਮਾਣਦੇ ਆ ਰਹੇ ਹਾਂ। ਉਨ੍ਹਾਂ ਇਸ ਮੌਕੇ ਸਮੂਹ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਬਜਾਏ ਪੰਜਾਬ ਅੰਦਰ ਰੁਜ਼ਗਾਰ ਚਲਾਉਣ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਾਣੀ ਦੀ ਬੱਚਤ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਦਾ ਸਰੋਤ:- ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸਸੀ ਐਸਟੀ ਸੈੱਲ ਦੇ ਚੇਅਰਮੈਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਵੱਡੇ ਘੱਲੂਘਾਰੇ ਦੀ 35 ਹਜ਼ਾਰ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਵੱਲੋਂ ਸਿੱਖ ਕੌਮ ਲਈ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਮਹਾਨ ਸ਼ਹੀਦਾਂ ਦੇ ਵਿਰਸੇ ਨੂੰ ਯਾਦ ਕਰਦੀਆਂ ਹਨ। ਉਹ ਸਦਾ ਲਈ ਅਮਰ ਰਹਿੰਦੀਆਂ ਹਨ। ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁਲਾ ਦਿੰਦੀਆਂ ਹਨ, ਉਹ ਹਮੇਸ਼ਾ ਲਏ ਨੀ ਨਕਸ਼ੇ ਕਦਮਾਂ ਤੋਂ ਖ਼ਤਮ ਹੋ ਜਾਂਦੇ ਹਨ। ਇਸ ਲਈ ਅੱਜ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਇਕ ਪ੍ਰੇਰਨਾ ਦਾ ਸਰੋਤ ਹਨ।
ਯਾਦਗਾਰ ਨਾ ਬਣਾਏ ਜਾਣ ਕਾਰਨ ਰੋਸ - ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਚੇਅਰਮੈਨ ਅਜੀਤ ਸਿੰਘ ਸੰਧੂ ਕੁਤਬਾ ਨੇ ਕਿਹਾ ਕਿ ਇਸ ਇਤਿਹਾਸਕ ਧਰਤੀ ਉੱਪਰ ਮਹਾਨ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਲਈ ਪੰਚਾਇਤ ਵੱਲੋਂ ਪਿਛਲੇ ਸਮੇਂ ਬਾਦਲ ਸਰਕਾਰ ਦੇ ਰਾਜ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਪ੍ਰਧਾਨ ਗੁਰਚਰਨ ਸਿੰਘ ਟੌਹੜਾ, ਬੀਬੀ ਜਗੀਰ ਕੌਰ ਅਤੇ ਅਵਤਾਰ ਸਿੰਘ ਮੱਕੜ ਨੀਂਹ ਪੱਥਰ ਰੱਖਣ ਤੋਂ ਬਾਅਦ ਯਾਦਗਾਰਾਂ ਬਣਾਉਣ ਲਈ ਕੋਈ ਧਿਆਨ ਨਹੀਂ ਦਿੱਤਾ।
ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਬਣਾਈ ਜਾ ਰਹੀ:- ਪਰ ਗਰਾਮ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਪਰਵਾਸੀ ਭਾਰਤੀਆਂ ਦੇ ਉਪਰਾਲੇ ਸਦਕਾ ਆਪਣੇ ਪੱਧਰ ਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਇਤਿਹਾਸਕ ਧਰਤੀ ਉੱਪਰ ਬਣਾਈ ਜਾ ਰਹੀ ਹੈ। ਉਨ੍ਹਾਂ ਐਸਜੀਪੀਸੀ ਅਤੇ ਸਮੂਹ ਸੰਗਤਾਂ ਨੂੰ ਯਾਦਗਾਰਾਂ ਬਣਾਉਣ ਦੀ ਚੱਲ ਰਹੀ ਕਾਰ ਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋ ਮਹਾਨ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਸਬੰਧੀ ਆਪਣੇ ਵੱਲੋਂ ਇੱਕ ਮੰਗ ਪੱਤਰ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਂਟ ਕੀਤਾ।