ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਦੇ 114ਵੇਂ ਜਨਮਦਿਨ ਮੌਕੇ ਸਾਮਰਾਜ ਵਿਰੋਧੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ, ਨੌਜਵਾਨ, ਔਰਤਾਂ ਸ਼ਾਮਿਲ ਹੋਈਆਂ। ਕਿਸਾਨ ਜਥੇਬੰਦੀ ਦੇ ਆਗੂਆਂ ਵੱਲੋਂ ਦੋ ਲੱਖ ਦੇ ਕਰੀਬ ਇਕੱਠ ਹੋਣ ਦਾ ਦਾਅਵਾ ਕੀਤਾ ਗਿਆ। ਇਸ ਮਹਾਂਰੈਲੀ ਵਿਚ ਬੁਲਾਰਿਆਂ ਵੱਲੋਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ ਗਿਆ। ਉੱਥੇ ਖੇਤੀ ਕਾਨੂੰਨਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਗੱਲ ਆਖੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ (Joginder Singh Ugrahan) ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਇਹ ਮਹਾਂਰੈਲੀ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਾਮਰਾਜੀ ਸਿਸਟਮ ਦੇ ਵਿਰੁੱਧ ਹੈ। ਇਹ ਸਿਸਟਮ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੀ ਚੱਲ ਰਿਹਾ ਹੈ, ਜੋ ਅੱਜ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮਹਾਂਰੈਲੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਰਪਿਤ ਹੈ।
ਉਨ੍ਹਾਂ ਕਿਹਾ ਕਿ ਜਿਹੋ ਜਿਹਾ ਦੇਸ਼ ਅਤੇ ਸਮਾਜ ਭਗਤ ਸਿੰਘ ਚਾਹੁੰਦਾ ਸੀ, ਉਸ ਲਈ ਜੱਦੋ ਜਹਿਦ ਜਾਰੀ ਹੈ। ਸ਼ਹੀਦ ਭਗਤ ਸਿੰਘ ਜੋ ਆਜ਼ਾਦੀ ਚਾਹੁੰਦਾ ਸੀ, ਸਾਨੂੰ ਅੱਜ ਤੱਕ ਨਹੀਂ ਮਿਲੀ । ਮਨੁੱਖ ਹੱਥੋਂ ਮਨੁੱਖ ਦੀ ਲੁੱਟ ਅੱਜ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦਾ ਸੰਘਰਸ਼ ਵੀ ਇਸੇ ਲੜੀ ਦਾ ਹੀ ਹਿੱਸਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਨੇ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਹੈ। ਲੋਕ ਮੁੱਦਿਆਂ ਦੀ ਗੱਲ ਕਰਦੇ ਹਨ। ਜਦਕਿ ਰਾਜਨੀਤੀ ਅੱਜ ਵੀ ਧਰਮ ਅਤੇ ਜਾਤ ਆਧਾਰਿਤ ਚੱਲ ਰਹੀ ਹੈ। ਲੋਕਾਂ ਦੀ ਇਸ ਜਾਗਰੂਕਤਾ ਨੇ ਸਿਆਸੀ ਲੋਕਾਂ ਨੂੰ ਵਖ਼ਤ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਰਾਜ ਲਿਆਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:Navjot Sidhu's resignation live update : ਪੰਜਾਬ ਕਾਂਗਰਸ 'ਚ ਘਮਾਸਾਨ, ਅਸਤੀਫਿਆਂ ਦਾ ਦੌਰ ਸ਼ੁਰੂ