ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸੇ ਵਿਰੋਧ ਦੇ ਚਲਦਿਆਂ ਲਗਾਤਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਅੱਜ ਜ਼ਿਲ੍ਹਾ ਪ੍ਰਧਾਨ ਭਾਜਪਾ ਦੇ ਘਰ ਵਿੱਚ ਭਾਜਪਾ ਦੇ ਸੂਬਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਪਹੁੰਚਣ ਦੀ ਜਿਵੇਂ ਹੀ ਕਿਸਾਨਾਂ ਨੂੰ ਭਿਣਕ ਲੱਗੀ ਤਾਂ ਉਨ੍ਹਾਂ ਵੱਲੋਂ ਭਾਜਪਾ ਆਗੂ ਦਾ ਘਿਰਾਓ ਕਰ ਲਿਆ ਗਿਆ।
ਵੱਡੀ ਗਿਣਤੀ ਵਿੱਚ ਪੂਰੇ ਜ਼ਿਲ੍ਹੇ ਭਰ ਤੋਂ ਕਿਸਾਨ ਨੌਜਵਾਨ ਅਤੇ ਔਰਤਾਂ ਭਾਜਪਾ ਆਗੂ ਦਾ ਘਿਰਾਓ ਕਰਨ ਲਈ ਪਹੁੰਚੇ। ਮਨੋਰੰਜਨ ਕਾਲੀਆ ਦੀ ਗੱਡੀ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਦੇ ਦੋਵੇਂ ਗੇਟਾਂ ਅੱਗੇ ਬੈਠ ਕੇ ਕਿਸਾਨਾਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਬਲੌਰ ਸਿੰਘ, ਕ੍ਰਿਸ਼ਨ ਸਿੰਘ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਦੌਰਾਨ ਕੇਂਦਰੀ ਹਕੂਮਤ ਭਾਜਪਾ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਉਨ੍ਹਾਂ ਦੇ ਮੰਤਰੀ ਅਤੇ ਲੀਡਰ ਕਿਸਾਨਾਂ ਨੂੰ ਮੂੰਹ ਚਿੜਾਉਣ ਲਈ ਪੰਜਾਬ ਵਿੱਚ ਮੀਟਿੰਗਾਂ ਕਰ ਰਹੇ ਹਨ।