ਬਰਨਾਲਾ: ਸਰਕਾਰੀ ਹਸਪਤਾਲ ਵਿੱਚ ਪਿਛਲੀ 17 ਅਗਸਤ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੀਆਂ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਘੜਾ ਭੰਨ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਆਸ਼ਾ ਵਰਕਰ ਦਾ ਸਰਕਾਰ 'ਤੇ ਇਲਜ਼ਾਮ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੂਰੇ ਪੰਜਾਬ ਵਿੱਚ 12 ਆਸ਼ਾ ਵਰਕਰਾਂ ਕੋਰੋਨਾ ਪੌਜ਼ੀਟਿਵ ਆ ਚੁੱਕੀਆਂ ਹਨ ਅਤੇ ਇੱਕ ਆਸ਼ਾ ਵਰਕਰ ਦੀ ਮੌਤ ਹੋ ਚੁੱਕੀ ਹੈ। ਪਰ ਪੰਜਾਬ ਸਰਕਾਰ ਨੇ ਕਿਸੇ ਆਸ਼ਾ ਵਰਕਰ ਦੀ ਕੋਈ ਮਦਦ ਨਹੀਂ ਕੀਤੀ।
ਆਸ਼ਾ ਵਰਕਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕੋਰੋਨਾ ਮਹਾਂਮਾਰੀ ਦੇ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਹੋਰਨਾਂ ਕਰਮਚਾਰੀਆਂ ਵਾਂਗ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ। ਸਰਕਾਰ ਨੇ ਉਨ੍ਹਾਂ ਦਾ 50 ਲੱਖ ਦਾ ਬੀਮਾ ਵੀ ਨਹੀਂ ਕੀਤਾ।
ਉਨ੍ਹਾਂ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਇਆ ਕਿ ਪਹਿਲਾਂ ਆਸ਼ਾ ਵਰਕਰਾਂ ਨੂੰ ਜਨਵਰੀ ਤੋਂ ਜੂਨ ਤੱਕ 2500 ਰੁਪਏ ਕੋਰੋਨਾ ਭੱਤਾ ਦਿੱਤਾ ਜਾ ਰਿਹਾ ਸੀ, ਉਹ ਬੰਦ ਕਰ ਦਿੱਤਾ। ਜਦੋਂਕਿ ਕੋਰੋਨਾ ਮਹਾਂਮਾਰੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਹਰਿਆਣਾ ਸਰਕਾਰ ਵਾਂਗ ਨੌਕਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ’ਚ ਸਰਕਾਰ ਆਸ਼ਾ ਵਰਕਰਾਂ ਦੀ ਕੋਈ ਮਦਦ ਨਾ ਕਰਕੇ ਉਨ੍ਹਾਂ ਦਾ ਮਨੋਬਲ ਖ਼ਤਮ ਕਰ ਰਹੀ ਹੈ। ਜਿਸ ਕਰਕੇ ਉਹ ਹੁਣ ਸੰਘਰਸ਼ ਦੇ ਰਾਹ ਪੈ ਚੁੱਕੇ ਹਨ। ਇਸ ਤਹਿਤ 29 ਸਤੰਬਰ ਨੂੰ ਪਟਿਆਲਾ ਵਿਖੇ ਆਸ਼ਾ ਵਰਕਰਾਂ ਵੱਲੋਂ ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੀਆਂ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।