ਬਰਨਾਲਾ: ਸਕੂਲ ਸਿੱਖਿਆ ਵਿਭਾਗ ਵੱਲੋਂ ਅਗਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਵਾਧੇ ਲਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਪਲਬੱਧ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਜਸਬੀਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜਿੱਥੇ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੌਜ਼ੂਦਾ ਸੈਸ਼ਨ ਦੌਰਾਨ ਮਿਸ਼ਨ ਸ਼ਤ-ਪ੍ਰਤੀਸ਼ਤ ਅਧੀਨ ਸਾਲਾਨਾ ਪ੍ਰੀਖਿਆਵਾਂ ਵਿੱਚੋਂ ਵਿਦਿਆਰਥੀਆਂ ਦੀ ਸੌ ਫੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਅਗਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ "ਈਚ ਵਨ ਬਰਿੰਗ ਵਨ" ਮਿਸ਼ਨ ਅਧੀਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਐਲ.ਕੇ.ਜੀ ਅਤੇ ਯੂ.ਕੇ.ਜੀ ਜਮਾਤਾਂ ਦੇ ਕਮਰਿਆਂ ਦੀ ਬਾਲ ਮਨੋਵਿਗਿਆਨਕ ਪੱਖ ਤੋਂ ਕੀਤੀ ਤਿਆਰੀ ਉੱਚ ਪੱਧਰੀ ਸਕੂਲਾਂ ਦੇ ਮੁਕਾਬਲੇ ਦੀ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਨਵੇਂ ਸੈਸ਼ਨ ਦੌਰਾਨ ਆਪਣੇ ਬੱਚੇ ਲਈ ਸਕੂਲ ਦੀ ਚੋਣ ਕਰਨ ਸਮੇਂ ਨਜ਼ਦੀਕੀ ਸਰਕਾਰੀ ਸਕੂਲ ਦੇ ਮੁਖੀ ਅਤੇ ਅਧਿਆਪਕਾਂ ਨੂੰ ਜਾਣਕਾਰੀ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਹੁਣ ਵੇਖੋ ਵੇਖ ਮਹਿੰਗੀਆਂ ਫੀਸਾਂ ਭਰ ਕੇ ਬੱਚੇ ਪੜਾਉਣ ਦੀ ਬਜਾਏ ਮੁਫ਼ਤ ਵਿੱਚ ਮਿਆਰੀ ਸਿੱਖਿਆ ਦੇ ਰਹੇ ਸਕੂਲਾਂ ਵਿੱਚ ਬੱਚੇ ਪੜ੍ਹਾਉਣ ਦਾ ਸਮਾਂ ਹੈ।