ਬਰਨਾਲਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਐਂਟੀ ਨਾਰਕੋਟਿਕ ਸੈੱਲ ਵਲੋਂ ਬਰਨਾਲਾ ਦੇ ਸਰਕਾਰੀ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਨੂੰ ਸੈਨੀਟਾਈਜ਼ ਕੀਤਾ ਗਿਆ। ਹਸਪਤਾਲ ਅਤੇ ਕੇਂਦਰ ਦੇ ਦਰਵਾਜ਼ਿਆਂ, ਪੌੜੀਆਂ, ਕੁਰਸੀਆਂ ਤੋਂ ਇਲਾਵਾ ਐਂਬੂਲੈਂਸਾਂ ਨੂੰ ਵੀ ਸੈਨੀਟਾਈਜ਼ ਕੀਤਾ ਗਿਆ।
ਇਸ ਮੌਕੇ ਐਂਟੀ ਨਾਰਕੋਟਿਕ ਸੈੱਲ ਦੇ ਜ਼ਿਲ੍ਹਾ ਇੰਚਾਰਜ ਬੰਧਨਤੋੜ ਸਿੰਘ ਅਤੇ ਸ਼ਹਿਰੀ ਇੰਚਾਰਜ ਰਾਣਾ ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਐਂਟੀ ਨਾਰਕੋਟਿਕ ਸੈਲ ਦੇ ਸੂਬਾ ਚੇਅਰਮੈਨ ਰਣਜੀਤ ਸਿੰਘ ਨਿਕੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਅ ਲਈ ਸਰਕਾਰੀ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਨੂੰ ਸੈਨੀਟਾਈਜ਼ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਲੋੜਵੰਦਾਂ ਨੂੰ ਮਾਸਕ ਵੀ ਵੰਡੇ ਜਾ ਰਹੇ ਹਨ। ਪਿਛਲੇ ਕਰੀਬ 5 ਦਿਨਾਂ ਤੋਂ ਜਨਤਕ ਥਾਵਾਂ ਨੂੰ ਸੈਨੀਟਾਈਜ਼ ਕਰਨ ਦੇ ਨਾਲ-ਨਾਲ ਮਾਸਕ ਵੰਡਣ ਦਾ ਕਾਰਜ ਜਾਰੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੇ ਸਹਾਇਤਾ ਬੂਥਾਂ ਨੂੰ ਵੀ ਸੈਨੀਟਾਈਜ਼ਰ ਕਰ ਕੇ ਕੋਰੋਨਾ ਵਾਇਰਸ ਤੋਂ ਬਚਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਕਾਰਜ ਇਸੇ ਤਰ੍ਹਾਂ ਜਾਰੀ ਰਹੇਗਾ।