ਬਰਨਾਲਾ : ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਰੋਜ਼ਾਨਾ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋ ਰਹੇ ਹਨ। ਇਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਰਵਾਨਾ ਹੋਏ। ਸਹਿਕਾਰੀ ਸਭਾਵਾਂ ਦੇ ਇਹ ਮੁਲਾਜ਼ਮ 5 ਦਿਨਾਂ ਤੱਕ ਕਿਸਾਨ ਅੰਦੋਲਨ 'ਚ ਰਹਿਣਗੇ। ਮੁਲਾਜ਼ਮਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਦਾ ਸਾਥ ਦੇਣ ਦੀ ਗੱਲ ਆਖੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਹਿਕਾਰੀ ਸਭਾਵਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਰੋਜ਼ਾਨਾ ਘੱਟੋ-ਘੱਟ 2 ਕਿਸਾਨਾਂ ਦੀ ਮੌਤ ਹੋ ਰਹੀ ਹੈ ਤੇ ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਲਗਾਤਾਰ ਕਿਸਾਨਾਂ ਦੀਆਂ ਮੌਤਾਂ 'ਤੇ ਕੇਂਦਰ ਸਰਕਾਰ ਚੁੱਪੀ ਸਾਧ ਕੇ ਬੈਠੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਜਾ ਰਹੇ ਸਖ਼ਤ ਤੇ ਅੜੀਅਲ ਰਵਇਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਉਥੇ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਕਮੀ ਆ ਰਹੀ ਹੈ, ਇਸ ਲਈ ਉਹ ਇਥੋਂ ਪਾਣੀ ਦੀਆਂ 300 ਪੇਟੀਆਂ ਲੈ ਕੇ ਜਾ ਰਹੇ ਹਨ।
ਆਗੂਆਂ ਨੇ ਕਿਸਾਨਾਂ ਦੇ ਹੱਕ 'ਚ 5 ਦਿਨਾਂ ਲਈ ਸਹਿਕਾਰੀ ਸਭਾਵਾਂ ਬੰਦ ਰੱਖ ਕੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਦੀ ਗੱਲ ਆਖੀ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੀ ਗੱਲ ਆਖੀ।
ਇਹ ਵੀ ਪੜ੍ਹੋ: ਨਗਰ ਕੌਂਸਲ ਚੋਣਾਂ:ਕਪੂਰਥਲਾ ਵਿਖੇ ਆਖਰੀ ਦਿਨ ਅਕਾਲੀ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ