ਬਰਨਾਲਾ : ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਹੋਣ ਨੂੰ ਭਾਵੇਂ ਹਾਲੇ ਇੱਕ ਸਾਲ ਦਾ ਸਮਾਂ ਬਾਕੀ ਰਹਿ ਗਿਆ ਹੈ ਪਰ ਇਸਦੇ ਬਾਵਜੂਦ ਸਿਆਸੀ ਪਾਰਟੀ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਸਭ ਤੋਂ ਜਿਆਦਾ ਸਰਗਰਮ ਦਿਖਾਈ ਦੇ ਰਹੀ ਹੈ। ਕਾਂਗਰਸ ਵਲੋਂ ਪਾਰਟੀ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਬਰਨਾਲਾ ਵਿਖੇ ਕਾਂਗਰਸ ਪਾਰਟੀ ਨੇ 2024 ਦੀਆਂ ਮੈਂਬਰ ਪਾਰਲੀਮੈਂਟ ਚੋਣਾਂ ਦੇ ਮੱਦੇਨਜ਼ਰ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ 3 ਬਲਾਕਾਂ ਵਿੱਚ ਜ਼ਿਲ੍ਹਾ ਪੱਧਰੀ ਜ਼ਿੰਮੇਵਾਰੀਆਂ ਦੇਣ ਵਾਲੇ ਪਾਰਟੀ ਆਗੂਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
ਪਿੰਡ ਪੱਧਰ ਤੱਕ ਕੀਤੀ ਜਾ ਰਹੀ ਪਾਰਟੀ ਮਜ਼ਬੂਤ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ, ਆਗੂਆਂ ਅਤੇ ਹਲਕਾ ਬਰਨਾਲਾ ਦੇ ਇੰਚਾਰਜ ਮਨੀਸ਼ ਬਾਂਸਲ ਅਤੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਅੱਜ ਪਾਰਟੀ ਦੇ ਵੱਖ ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਦੇ ਜ਼ਿਲ੍ਹਾ ਪੱਧਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਿੰਮੇਵਾਰ ਵਰਕਰਾਂ ਅਤੇ ਆਗੂਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਜਿਲ੍ਹੇ ਦੇ ਤਿੰਨ ਬਲਾਕ ਹਨ, ਜਿਹਨਾਂ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ ਅਤੇ ਪਾਰਟੀ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ।
ਸਰਕਾਰ ਦੇ ਝੂਠ ਦਾ ਪਰਦਾਫਾਸ਼ : ਉਨ੍ਹਾਂ ਕਿਹਾ ਕਿ ਹਰ ਬਲਾਕ ਵਿੱਚ 31 ਮੈਂਬਰਾਂ ਦੀ ਕਮੇਟੀ ਬਣਾਈ ਗਈ ਹੈ ਅਤੇ ਸਾਰੇ ਅਹੁਦੇਦਾਰਾਂ ਨੇ ਅੱਜ ਸਹੁੰ ਚੁੱਕੀ ਹੈ ਕਿ ਪਾਰਟੀ ਨੂੰ ਇਕੱਠੇ ਹੋ ਕੇ ਅੱਗੇ ਵਧਾਉਂਦਿਆਂ ਪਾਰਟੀ ਦੇ ਸੁਨੇਹੇ ਲੋਕਾਂ ਤੱਕ ਪਹੁੰਚਾਏ ਜਾਣਗੇ। ਲੋਕਾਂ ਦੇ ਸਾਰੇ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਪਤਾ ਲੱਗ ਚੁੱਕਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਿਰੇ ਦੀ ਝੂਠੀ ਪਾਰਟੀ ਹੈ ਅਤੇ ਆਪ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ ਅਤੇ ਇਹ ਪਾਰਟੀ ਦੇਸ਼ ਦੇ ਹਿੱਤ ਵਿੱਚ ਹੈ। 2024 ਵਿੱਚ ਦੇਸ਼ ਦੇ ਲੋਕ ਕਾਂਗਰਸ ਪਾਰਟੀ ਦਾ ਹੀ ਸਾਥ ਦੇਣਗੇ।