ਬਰਨਾਲਾ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਫਾਇਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਬਰਨਾਲਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਛੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਇੱਕ ਡੀਐੱਸਪੀ ਦੇ ਬੇਟੇ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਵਿਰੋਧੀ ਧਿਰ ਵੱਲੋਂ ਸੋਸ਼ਲ ਐਕਟੀਵਿਸਟ ਅਤੇ ਹਾਈ ਕੋਰਟ ਦੇ ਵਕੀਲ ਰਵੀ ਜੋਸ਼ੀ ਅਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਣੂੰ ਪੇਸ਼ ਹੋਏ। ਅਦਾਲਤ ਵਿੱਚ ਦੋਵੇਂ ਧਿਰਾਂ ਦਰਮਿਆਨ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਛੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਹਰਿੰਦਰ ਪਾਲ ਸਿੰਘ ਰਾਣੂ ਨੇ ਦੱਸਿਆ ਕਿ ਬਰਨਾਲਾ ਦੇ ਪਿੰਡ ਬਡਬਰ ਵਿਖੇ ਫਾਇਰਿੰਗ ਦੇ ਮਾਮਲੇ ਵਿੱਚ ਥਾਣਾ ਧਨੌਲਾ ਵਿੱਚ ਸਿੱਧੂ ਮੂਸੇ ਵਾਲੇ ਸਮੇਤ ਪੁਲਿਸ ਅਧਿਕਾਰੀਆਂ 'ਤੇ ਪਰਚਾ ਦਰਜ ਕੀਤਾ ਗਿਆ ਸੀ ਕਿਉਂਕਿ ਉਸਨੇ ਲੌਕਡਾਊਨ ਦੌਰਾਨ ਬਡਬਰ ਦੇ ਟਿੱਬਿਆਂ ਵਿੱਚ ਆ ਕੇ ਏਕੇ 47 ਨਾਲ ਫਾਇਰਿੰਗ ਕੀਤੀ ਸੀ।
ਇਸ ਮਾਮਲੇ ਵਿੱਚ ਡੀਐਸਪੀ ਦੇ ਬੇਟੇ ਜੰਗ ਸ਼ੇਰ ਸਿੰਘ, ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ, ਗਗਨਦੀਪ ਸਿੰਘ ਕਾਂਸਟੇਬਲ, ਬਲਕਾਰ ਸਿੰਘ ਏਐੱਸਆਈ, ਹਰਵਿੰਦਰ ਸਿੰਘ ਕਾਂਸਟੇਬਲ ਅਤੇ ਜਸਵੀਰ ਸਿੰਘ ਕਾਂਸਟੇਬਲ ਵੱਲੋਂ ਅੰਤਰਿਮ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ। ਜਿਸ ਨੂੰ ਅੱਜ ਅਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੁਲਿਸ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਸ਼ੱਕੀ ਹੈ। ਜਿਸ ਮੋਬਾਈਲ ਵਿੱਚ ਇਹ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ, ਉਹ ਮੋਬਾਇਲ ਵੀ ਬਰਾਮਦ ਨਹੀਂ ਕੀਤਾ ਗਿਆ ਅਤੇ ਇਸ ਮਾਮਲੇ ਵਿੱਚ ਆਈਟੀ ਐਕਟ ਵੀ ਨਹੀਂ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।
ਹਰਿੰਦਰ ਪਾਲ ਸਿੰਘ ਰਾਣੂ ਨੇ ਕਿਹਾ ਕਿ ਇਸ ਕੇਸ ਤੋਂ ਸਾਹਮਣੇ ਆ ਗਿਆ ਹੈ ਕਿ ਪੁਲਿਸ ਦੀ ਕਾਰਗੁਜ਼ਾਰੀ ਅਮੀਰਾਂ ਅਤੇ ਗ਼ਰੀਬਾਂ ਲਈ ਵੱਖੋ-ਵੱਖ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਗਾਇਕ 'ਤੇ ਪੁਲਿਸ ਇੰਨੀ ਮਿਹਰਬਾਨ ਹੈ ਕਿ ਉਸ ਨੂੰ ਜ਼ਮਾਨਤ ਅਰਜ਼ੀ ਲਗਾਉਣ ਦੀ ਵੀ ਅਜੇ ਤੱਕ ਲੋੜ ਨਹੀਂ ਪਈ ਅਤੇ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰਨਾ ਚਾਹੁੰਦੀ ਹੈ ਤੇ ਬਚਾ ਰਹੀ ਹੈ।