ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਦਿੱਲੀ ਦੀਆਂ ਬਾਰਡਰਾਂ 'ਤੇ ਜਾਰੀ ਹੈ। 27 ਜਨਵਰੀ ਨੂੰ ਸਿੰਘੂ ਬਾਰਡਰ ਤੋਂ ਬਰਨਾਲਾ ਦੇ ਪਿੰਡ ਕੱਟੂ ਦਾ ਨੌਜਵਾਨ ਲਾਪਤਾ ਹੈ...ਪਰਿਵਾਰ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਨੌਜਵਾਨ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਕੱਟੂ ਦੇ ਇੱਕ ਕਿਸਾਨੀ ਪਰਿਵਾਰ ਨਾਲ ਸਬੰਧਤ ਹੈ। ਇਸ ਨੌਜਵਾਨ ਦੇ ਮਾਮਲੇ ਦੀ ਪੈਰਵਾਈ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਨੌਜਵਾਨ ਕੁਲਵਿੰਦਰ ਸਿੰਘ ਦੇ ਪਿਤਾ ਪਿਆਰਾ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਪਿਛਲੇ 2 ਮਹੀਨਿਆਂ ਤੋਂ ਕਿਸਾਨ ਅੰਦੋਲਨਾਂ ਵਿੱਚ ਕਿਸਾਨ ਜਥੇਬੰਦੀਆਂ ਨਾਲ ਦਿੱਲੀ ਵਿਖੇ ਗਿਆ ਸੀ ਤੇ 27 ਜਨਵਰੀ ਨੂੰ ਸਿੰਘੂ ਬਾਰਡਰ ਦੇ ਕਿਸਾਨ ਮੋਰਚੇ 'ਤੇ ਹੋਏ ਹਮਲੇ ਦੌਰਾਨ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਫੋਨ 'ਤੇ ਕੁਲਵਿੰਦਰ ਦੇ ਦੋਸਤ ਨੇ ਦਿੱਤੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ, ਐਸਜੀਪੀਸੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸਦੇ ਨੌਜਵਾਨ ਦੇ ਮਾਮਲੇ ਦੀ ਪੈਰਵਾਈ ਲਈ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਇਸੇ ਧੱਕੇਸ਼ਾਹੀ ਦੇ ਚਲਦਿਆਂ ਉਸ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ।
ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪਿਆਰਾ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਲਾਜ਼ਮ ਹੈ, ਜੋ ਗੁਰੂ ਘਰ ਦੀ ਖੇਤੀਬਾੜੀ ਦਾ ਕੰਮ ਦੇਖਦਾ ਹੈ। ਉਸ ਦਾ ਪੁੱਤਰ ਪਿਛਲੇ 2 ਮਹੀਨਿਆਂ ਤੋਂ ਕਿਸਾਨ ਅੰਦੋਲਨ ਵਿੱਚ ਦਿੱਲੀ ਵਿਖੇ ਗਿਆ ਹੋਇਆ ਸੀ। ਇੱਥੇ ਧੱਕਾਸ਼ਾਹੀ ਕਰਦੇ ਹੋਏ ਦਿੱਲੀ ਪੁਲਿਸ ਨੇ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਨੀਚ ਹਰਕਤਾਂ 'ਤੇ ਉਤਰ ਆਇਆ ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੇ ਮਾਮਲੇ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਇਸ ਬਾਰੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਜਾਣੂ ਕਰਵਾਇਆ ਗਿਆ। ਇਨ੍ਹਾਂ ਵੱਲੋਂ ਇਸ ਨੌਜਵਾਨ ਦੇ ਕੇਸ ਦੀ ਪੈਰਵਾਈ ਕਰਦਿਆਂ ਪਤਾ ਲਗਾਇਆ ਗਿਆ ਕਿ ਨੌਜਵਾਨ ਕੁਲਵਿੰਦਰ ਸਿੰਘ ਤਹਿੜ ਜੇਲ੍ਹ ਵਿੱਚ ਨਜ਼ਰਬੰਦ ਹੈ। ਇਸ ਨੌਜਵਾਨ ਦੇ ਸਾਰੇ ਮਾਮਲੇ ਦੀ ਪੈਰਵਾਈ ਸ਼੍ਰੋਮਣੀ ਅਕਾਲੀ ਦਲ, ਐਸਜੀਪੀਸੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਨੌਜਵਾਨ ਨੂੰ ਰਿਹਾਅ ਕਰਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।