ਬਰਨਾਲਾ : ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿੱਚੋਂ ਸਿਵਲ ਹਸਪਤਾਲ ਬਰਨਾਲਾ ਆਯੂਸ਼ਮਾਨ ਸਕੀਮ ਤਹਿਤ ਲੋਕਾਂ ਦਾ ਮੁਫਤ ਇਲਾਜ ਕਰਨ ਵਿੱਚ ਮੋਹਰੀ ਰਿਹਾ ਹੈ। ਜ਼ਿਲ੍ਹਾ ਬਰਨਾਲਾ 'ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ।
11344 ਮਰੀਜ਼ਾਂ ਦਾ 8 ਕਰੋੜ 60 ਲੱਖ ਦਾ ਮੁਫ਼ਤ ਇਲਾਜ : ਇਸ ਸਬੰਧੀ ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਲ 2022 ਵਿੱਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਸਪਤਾਲਾਂ ਵੱਲੋਂ 11344 ਮਰੀਜ਼ਾਂ ਦਾ 8 ਕਰੋੜ 60 ਲੱਖ ਰੁਪਏ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿੱਚੋਂ ਸਿਵਲ ਹਸਪਤਾਲ ਬਰਨਾਲਾ ਸਕੀਮ ਤਹਿਤ ਮੁਫਤ ਇਲਾਜ ਕਰਨ ਵਿੱਚ ਮੋਹਰੀ ਰਿਹਾ। ਸਿਵਲ ਹਸਪਤਾਲ ਬਰਨਾਲਾ ਨੇ ਸਾਲ 2022 ਤੱਕ 6398 ਮਰੀਜ਼ਾਂ ਦਾ 5 ਕਰੋੜ 49 ਲੱਖ ਰੁਪਏ ਦਾ ਸਕੀਮ ਤਹਿਤ ਬਿਲਕੁਲ ਮੁਫ਼ਤ ਇਲਾਜ ਕੀਤਾ ਹੈ ਜੋ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿੱਚੋਂ ਪਹਿਲੇ ਨੰਬਰ 'ਤੇ ਰਿਹਾ ਹੈ।
ਪੈਰਾਮੈਡੀਕਲ ਸਟਾਫ ਨੇ ਕੀਤੀ ਮਿਹਨਤ : ਡਾ. ਔਲਖ ਨੇ ਦੱਸਿਆ ਕਿ ਪੰਜਾਬ ਭਰ ਦੇ ਸਬ ਡਵਿਜ਼ਨਲ ਹਸਪਤਾਲਾਂ ਵਿੱਚੋਂ ਐਸ.ਡੀ.ਐਚ. ਤਪਾ ਨੇ 1857 ਮਰੀਜ਼ਾਂ ਦਾ 1 ਕਰੋੜ 22 ਲੱਖ ਰੁਪਏ ਦਾ ਅਤੇ ਪੰਜਾਬ ਭਰ ਦੇ ਕਮਿਊਨਟੀ ਹੈਲਥ ਸੈਂਟਰਾਂ ਵਿੱਚੋਂ ਸੀ.ਐਚ.ਸੀ. ਧਨੌਲਾ ਨੇ ਪੰਜਾਬ ਭਰ ਵਿੱਚੋਂ ਤੀਸਰਾ ਦਰਜਾ ਪ੍ਰਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸਮੂਹ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਨੂੰ ਜਾਂਦਾ ਹੈ। ਡਾ. ਗੁਰਮਿੰਦਰ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫ਼ਤ ਇਲਾਜ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ: Bharatiya Kisan Union Ekta Ugrahan: ਬੀਕੇਯੂ ਏਕਤਾ ਉਗਰਾਹਾਂ ਬਰਨਾਲਾ 'ਚ 8 ਮਾਰਚ ਨੂੰ ਮਨਾਏਗਾ ਕੌਮਾਂਤਰੀ ਮਹਿਲਾ ਦਿਵਸ
ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਬਾਗੀ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਵੱਲੋਂ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਇਸ ਸਿਹਤ ਸਹੂਲਤ ਦਾ ਫਾਇਦਾ ਵੱਧ ਤੋਂ ਵੱਧ ਲਿਆ ਜਾਵੇ। ਜ਼ਿਲ੍ਹਾ ਕੋਆਰਡੀਨੇਟਰ ਸਨਦੀਪ ਸਿੰਘ ਨੇ ਦੱਸਿਆ ਕਿ ਸਕੀਮ ਸਬੰਧੀ ਕਾਰਡ ਬਣਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਲਾਭਪਾਤਰੀ ਕਾਰਡ ਆਦਿ ਲੈ ਕੇ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਜਾਂ ਫਿਰ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਤੋਂ ਬਣਵਾਇਆ ਜਾ ਸਕਦਾ ਹੈ।