ਬਰਨਾਲਾ: ਇੱਕ ਪਾਸੇ ਜਿੱਥੇ ਅੱਜ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਇਕਾਈ ਵੱਲੋਂ ਆਰਡੀਨੈਂਸਾਂ ਦੀਆਂ ਕਾਪੀਆਂ ਫ਼ੂਕ ਕੇ ਰੋਸ ਜਤਾਇਆ ਗਿਆ ਅਤੇ ਆਜ਼ਾਦੀ ਦਿਹਾੜੇ ਨੂੰ ਗੁਲਾਮੀ ਦਿਵਸ ਕਰਾਰ ਦਿੱਤਾ ਗਿਆ।
ਇਸ ਮੌਕੇ ਕਿਸਾਨ ਆਗੂਆਂ ਸਿਕੰਦਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਦੁੱਗਲ ਦੀ ਅਗਵਾਈ ਵਿੱਚ ਬਰਨਾਲਾ ਮੋਗਾ ਰੋਡ ’ਤੇ ਪੱਖੋ-ਕੈਂਚੀਆਂ ਵਿਖੇ ਕਿਸਾਨ ਜੱਥੇਬੰਦੀ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਦੇਸ਼ ਅੰਗਰੇਜ਼ਾਂ ਦਾ ਗੁਲਾਮ ਸੀ ਅਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਕੇ ਉਨ੍ਹਾਂ ਅੰਗਰੇਜ਼ਾਂ ਦੇ ਹੱਥਾਂ ਵਿੱਚ ਦੇਸ਼ ਦੀ ਖੇਤੀ ਦੇਣ ਜਾ ਰਹੇ ਹਨ। ਇਹ ਆਰਡੀਨੈਂਸ ਉਨ੍ਹਾਂ ਉਪਰ ਥੋਪੇ ਜਾ ਰਹੇ ਹਨ। ਜਿਨ੍ਹਾਂ ਦੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਘਾਤਕ ਨਤੀਜੇ ਦੇਖਣ ਨੂੰ ਮਿਲਣਗੇ।
ਉਨ੍ਹਾਂ ਕਿਹਾ ਕਿ ਅੱਜ ਭਾਵੇਂ ਦੇਸ਼ ਭਰ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਪਰ ਦੇਸ਼ ਦਾ ਅੰਨਦਾਤਾ ਅੱਜ ਵੀ ਗੁਲਾਮ ਹੈ। ਜਿਸ ਕਾਰਨ ਅੱਜ ਪੰਜਾਬ ਦੇ ਕਿਸਾਨ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਬਾਈਕਾਟ ਕਰਕੇ ਇਸ ਆਜ਼ਾਦੀ ਨੂੰ ਕਾਲੀ ਆਜ਼ਾਦੀ ਅਤੇ ਗੁਲਾਮੀ ਦੇ ਰੂਪ ਵਿੱਚ ਮਨਾ ਕੇ ਕੇਂਦਰ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਜਤਾ ਰਹੇ ਹਨ।