ਬਰਨਾਲਾ : ਪੰਜਾਬ ਦਾ ਕਰਜ਼ਈ ਕਿਸਾਨ ਅੱਜ ਬੈਂਕਾਂ ਵੱਲੋਂ ਭੇਜੇ ਜਾ ਰਹੇ ਕਰਜ਼ੇ ਦੇ ਨੋਟਿਸਾਂ ਨੂੰ ਲੈ ਕੇ ਸਰਕਾਰ ਅੱਗੇ ਕਰਜ਼ਾ ਮੁਆਫ਼ੀ ਦੀ ਗੁਹਾਰ ਲਗਾ ਰਿਹਾ ਹੈ। ਮੰਗਲਵਾਰ ਨੂੰ ਜ਼ਿਲ੍ਹੇ ਦੇ ਵੱਡੀ ਗਿਣਤੀ ਕਿਸਾਨ ਬੈਂਕਾਂ ਵੱਲੋਂ ਭੇਜੇ ਨੋਟਿਸ ਲੈ ਕੇ ਬਰਨਾਲਾ ਡੀਸੀ ਦਫ਼ਤਰ ਪੁੱਜੇ ਅਤੇ ਕਰਜ਼ਾ ਮੁਆਫ਼ੀ ਕਰਨ ਦੀ ਮੰਗ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 2017 ਚੋਣਾਂ ਸਮੇਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਤਰ੍ਹਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗੱਲ ਆਖ਼ੀ ਸੀ, ਜਿਸ ਕਰਕੇ ਕਿਸਾਨ ਕਰਜ਼ਾ ਮੁਆਫ਼ੀ ਦੀ ਉਮੀਦ ਲਗਾਈ ਬੈਠੇ ਹਨ। ਪਰ ਜ਼ਮੀਨੀ ਪੱਧਰ 'ਤੇ ਸੱਚਾਈ ਇਹ ਹੈ ਕਿ ਸਰਕਾਰ ਬਣੀ ਨੂੰ ਕਰੀਬ 3 ਸਾਲ ਹੋ ਗਏ ਹਨ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ।
ਸਰਕਾਰ ਵੱਲੋਂ ਕਰਜ਼ਾ ਮੁਆਫ਼ ਹੋਣ ਦੇ ਵਾਅਦੇ ਤੋਂ ਬਾਅਦ ਕਿਸਾਨਾਂ ਨੇ ਪਿਛਲੇ ਲੰਬੇ ਸਮੇਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਜਮ੍ਹਾਂ ਨਹੀਂ ਕਰਵਾਈਆਂ, ਜਿਸ ਕਰਕੇ ਕਿਸਾਨਾਂ ਨੂੰ ਬੈਂਕਾਂ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ। ਇਸ ਮਾਮਲੇ ਵਿੱਚ ਨੋਟਿਸ ਪ੍ਰਾਪਤ ਕਰਨ ਵਾਲੇ ਕਿਸਾਨਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਆਪਣਾ ਦੁੱਖ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ, ਕਿਸੇ ਦਾ 500 ਦਾ ਕਰਜ਼ਾ ਮੁਆਫ਼ ਹੋਇਆ ਅਤੇ ਕਿਸੇ ਦਾ 10 ਹਜ਼ਾਰ ਰੁਪਏ ਪਰ ਅਸਲ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ ਹੀ ਨਹੀਂ।
ਇਹ ਵੀ ਪੜ੍ਹੋ: ਭਾਰਤ ਦੇ 2 ਨਾਗਰਿਕ ਪਾਕਿਸਤਾਨ ਦੀ ਜੇਲ੍ਹ ਵਿੱਚ ਕੈਦ
ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਉਠਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ। ਦੂਜੇ ਪਾਸੇ ਪੰਜਾਬ ਦੀਆਂ ਬੈਂਕਾਂ ਕਿਸਾਨਾਂ ਨੂੰ ਕਰਜ਼ਾ ਭਰਨ ਲਈ ਨੋਟਿਸ ਭੇਜ ਰਹੀਆਂ ਹਨ। ਜੇਕਰ ਕਿਸਾਨ ਕਰਜ਼ਾ ਨਹੀਂ ਭਰਦਾ ਤਾਂ ਉਸਦੀ ਜ਼ਮੀਨ ਦੀ ਕੁਰਕੀ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 50 ਦੇ ਕਰੀਬ ਕਿਸਾਨਾਂ ਨੂੰ ਬੈਂਕਾਂ ਵੱਲੋਂ ਨੋਟਿਸ ਭੇਜੇ ਗਏ ਹਨ। ਸਰਕਾਰ 'ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ। ਕਿਸਾਨਾਂ ਨੂੰ ਸਿਰਫ਼ ਵੋਟ ਬੈਂਕ ਲਈ ਵਰਤਿਆ ਗਿਆ ਹੈ ਅਤੇ ਅੱਜ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਥੱਲੇ ਦੱਬੇ ਕਿਸਾਨ ਬੈਂਕ ਦਾ ਕਰਜ਼ਾ ਉਤਾਰਨ ਵਿੱਚ ਅਸਮਰੱਥ ਹਨ। ਜੇਕਰ ਕਿਸਾਨਾਂ ਨਾਲ ਬੈਂਕਾਂ ਨੇ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਤਾਂ ਕਿਸਾਨ ਯੂਨੀਅਨ ਇਸ ਖਿਲਾਫ਼ ਸੰਘਰਸ਼ ਵਿੱਢੇਗੀ ਅਤੇ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ।
ਇਸ ਸਬੰਧੀ ਸਹਿਕਾਰੀ ਖੇਤੀ ਵਿਕਾਸ ਬੈਂਕ ਜ਼ਿਲ੍ਹਾ ਬਰਨਾਲਾ ਵੱਲੋਂ ਡਿਫ਼ਾਲਟਰ ਕਿਸਾਨਾਂ ਦੇ ਵਿਰੁੱਧ ਕਾਨੂੰਨੀ ਕਰਵਾਈ ਸ਼ੁਰੂ ਕਰਨ ਦੇ ਲਈ ਬੈਂਕ ਦੇ ਬਾਹਰ ਨੋਟਿਸ ਬੋਰਡ ਵੀ ਲਗਾਇਆ ਗਿਆ ਹੈ। ਬੈਂਕ ਦੇ ਮੈਨੇਜਰ ਨੇ ਦੱਸਿਆ ਕਿ 2019 ਵਿੱਚ 471 ਕਿਸਾਨ ਡਿਫ਼ਾਲਟਰ ਕੀਤੇ ਗਏ ਹਨ। ਇਹਨਾਂ ਵਿੱਚੋਂ 101 ਕਿਸਾਨਾਂ ਤੋਂ ਰਿਕਵਰੀ ਹੋ ਚੁੱਕੀ ਹੈ। ਬਾਕੀਆਂ ਨੂੰ ਘਰ-ਘਰ ਜਾ ਕੇ ਨੋਟਿਸ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਡਾ ਬੈਂਕ ਕਿਸੇ ਵੀ ਕਰਜ਼ਾ ਮੁਆਫ਼ੀ ਵਿੱਚ ਨਹੀਂ ਆਉਂਦਾ ਅਤੇ ਨਾ ਹੀ ਸਾਡੇ ਕੋਲ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਕਰਨ ਦਾ ਕੋਈ ਆਦੇਸ਼ ਹੈ।