ਬਰਨਾਲਾ: ਸਰਕਾਰੀ ਹਸਪਤਾਲ ਵਿੱਚ ਕੰਮ ਕਰ ਰਹੀਆਂ ਨਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ 2 ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੀਆਂ ਨਰਸਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਨਰਸਿੰਗ ਆਫ਼ਿਸਰ ਦਾ ਦਰਜ਼ਾ ਨਹੀਂ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਵੀ ਪੰਜਵੇਂ ਵਿੱਤੀ ਆਯੋਗ ਦੇ ਅਨੁਸਾਰ ਹੀ ਉਨ੍ਹਾਂ ਨੂੰ ਤਨਖ਼ਾਹ ਦਿੱਤੀ ਜਾ ਰਹੀ ਹੈ ਜਦ ਕਿ ਨਵੀਂ ਭਰਤੀ ਹੋਣ ਵਾਲੀਆਂ ਨਰਸਾਂ ਨੂੰ ਸੱਤਵੇਂ ਵਿੱਤੀ ਆਯੋਗ ਦੇ ਅਨੁਸਾਰ ਤਨਖ਼ਾਹ ਦਿੱਤੀ ਜਾ ਰਹੀ ਹੈ, ਜੋ ਕਿ ਸਰਾਸਰ ਧੱਕਾ ਹੈ।
ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਇਕੱਲਾ ਅਜਿਹਾ ਰਾਜ ਹੈ ਜਿੱਥੇ ਇੱਕ ਹੀ ਪੋਸਟ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੱਖ-ਵੱਖ ਵਿੱਤੀ ਆਯੋਗ ਦੇ ਅਨੁਸਾਰ ਤਨਖ਼ਾਹ ਮਿਲ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਦਰਸ਼ਨਕਾਰੀ ਨਰਸ ਬਲਜੀਤ ਕੌਰ, ਜਗਦੀਪ ਕੌਰ ਅਤੇ ਕਿਰਨਜੀਤ ਕੌਰ ਨੇ ਦੱਸਿਆ ਕਿ ਉਹ ਕੋਰੋਨਾ ਮਹਾਮਾਰੀ ਦੌਰਾਨ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਜਾਨ ਜੋਖਮ ਵਿੱਖ ਪਾ ਕੇ ਫ਼ਰੰਟ ਲਾਈਨ 'ਤੇ ਕੰਮ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਸ ਦੇ ਵਿਰੋਧ ਵਿੱਚ ਅੱਜ ਸਾਰੀਆਂ ਨਰਸਾਂ ਵਲੋਂ 2 ਘੰਟੇ ਦੀ ਹੜਤਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਿਰਫ਼ ਇਹ ਹਨ ਕਿ ਉਨ੍ਹਾਂ ਨੂੰ ਨਰਸਿੰਗ ਅਧਿਕਾਰੀ ਦਾ ਦਰਜਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਇੱਕ ਹੀ ਵਿਭਾਗ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੱਖ-ਵੱਖ ਤਨਖਾਹਾਂ ਬੰਦ ਕਰਕੇ ਬਣਦੀ ਤਨਖ਼ਾਹ ਦਿੱਤਾ ਜਾਵੇ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ।