ਬਰਨਾਲਾ:ਪੁਲਿਸ ਵੱਲੋਂ ਨਸ਼ਾ ਖਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ 1 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਇਨ੍ਹਾਂ ਨਸ਼ਾ ਤਸਕਰਾਂ ਨੂੰ ਬਰਨਾਲਾ ਦੀ ਪੁਲਿਸ ਪਾਰਟੀ ਨੇ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਪੀ(ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਹਰਜੀਤ ਸਿੰਘ ਦੀ ਅਗਵਾਈ ਵਿੱਚ ਬਰਨਾਲਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਹੋਈ ਹੈ,ਜਿਸ ਤਹਿਤ ਲਗਾਤਾਰ ਨਸ਼ਾ ਤਸਕਰਾਂ ਦੀ ਚੇਨ ਤੋੜੀ ਜਾ ਰਹੀ ਹੈ ਅਤੇ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਹੀ ਬਰਨਾਲਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਦੋ ਕਾਰ ਸਵਾਰ ਨਸ਼ਾ ਤਸਕਰਾਂ ਨੂੰ 1 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਤੌਰ 'ਤੇ ਸੂਚਨਾ ਮਿਲੀ ਸੀ ਕਿ ਗੁਰਮੀਤ ਸਿੰਘ ਪੁੱਤਰ ਪੱਪੂ ਨਿਵਾਸੀ ਇੰਦਰਾ ਬਸਤੀ ਸੁਨਾਮ ਅਤੇ ਸਨੀ ਪੁੱਤਰ ਸੱਤਪਾਲ ਨਿਵਾਸੀ ਸਾਈਂ ਕਾਲੋਨੀ ਸੁਨਾਮ ਆਪਣੀ ਸਵਿਫਟ ਡਿਜ਼ਾਇਰ ਗੱਡੀ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਾਰਨ ਬਰਨਾਲਾ ਆ ਰਹੇ ਹਨ। ਇਹ ਗੋਲੀਆਂ ਬਰਨਾਲਾ ਨਿਵਾਸੀ ਕੇਸਰ ਸਿੰਘ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ। ਸੀਆਈਏ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਕਸਬਾ ਹੰਢਿਆਇਆ ਨਜ਼ਦੀਕ ਨਾਕੇਬੰਦੀ ਦੌਰਾਨ ਕਾਰ ਸਵਾਰ ਦੋਵੇਂ ਵਿਅਕਤੀਆਂ ਨੂੰ ਇੱਕ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ।
ਇਸ ਮਾਮਲੇ ਵਿੱਚ ਕੇਸਰ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਤਿੰਨੇ ਵਿਅਕਤੀਆਂ ਖਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।
ਐੱਸਪੀ(ਡੀ)ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਹ ਵਿਅਕਤੀ ਦਿੱਲੀ ਅਤੇ ਹੋਰ ਬਾਹਰੀ ਸੂਬਿਆਂ ਤੋਂ ਨਸ਼ੀਲੇ ਪਦਾਰਥ ਲਿਆਉਂਦੇ ਸਨ ਅਤੇ ਬਰਨਾਲਾ ਸੰਗਰੂਰ ਅਤੇ ਸੁਨਾਮ ਏਰੀਏ ਵਿਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੇ ਪਹਿਲਾਂ ਵੀ ਨਸ਼ਾ ਸਪਲਾਈ ਕਰਨ ਦੇ ਪਰਚੇ ਦਰਜ ਹਨ।
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਫੜੀਆਂ ਗਈਆਂ ਨਸ਼ੀਲੀਆਂ ਗੋਲੀਆਂ ਦੇ 10 ਗੋਲੀਆਂ ਦੇ ਪੱਤੇ ਦੀ ਅਸਲ ਕੀਮਤ 10 ਰੁਪਏ ਹੈ। ਪ੍ਰੰਤੂ ਇਹ ਨਸ਼ਾ ਤਸਕਰ ਇਨ੍ਹਾਂ ਨਸ਼ੀਲੀ ਗੋਲੀਆਂ ਦੇ ਇੱਕ ਪੱਤੇ ਨੂੰ 110 ਰੁਪਏ ਦੇ ਹਿਸਾਬ ਨਾਲ ਵੇਚਦੇ ਸਨ। ਪੁਲਿਸ ਵੱਲੋਂ ਨਸ਼ਾ ਤਸਕਰੀ ਵਾਲੀ ਪੂਰੀ ਚੇਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਅੱਗੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜੋ:ਰਜਤ ਸ਼ਰਮਾ ਨੇ ਡੀਡੀਸੀਏ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਉਥੇ ਹੀ ਨਸ਼ਾ ਤਸਕਰ ਨੇ ਦੱਸਿਆ ਕਿ ਉਹ ਪਹਿਲੀ ਵਾਰ ਇਸ ਤਰ੍ਹਾਂ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਆਏ ਸਨ। ਜਿਸ ਲਈ ਉਨ੍ਹਾਂ ਨੂੰ ਬਕਾਇਦਾ 20 ਹਜ਼ਾਰ ਰੁਪਏ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਸੋਨੀਪਤ ਤੋਂ ਲੈ ਕੇ ਆਏ ਸਨ ਅਤੇ ਬਰਨਾਲਾ ਵਿਖੇ ਸਪਲਾਈ ਕੀਤੀਆਂ ਜਾਣੀਆਂ ਸਨ।