ਬਰਨਾਲਾ: ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਇੱਕ ਇਨੋਵਾ ਸਵਾਰ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ, ਜੋ 6 ਕੇਸਾਂ ਵਿਚੋਂ ਭਗੌੜਾ ਹੈ। ਜਦੋਂ ਕਿ ਇਸ ਉੱਪਰ 18 ਵੱਖ-ਵੱਖ ਕ੍ਰਾਈਮ ਕੇਸ ਦਰਜ ਹਨ।
ਦੂਜੇ ਮਾਮਲੇ ਵਿੱਚ 3 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਦੋ ਵਿਅਕਤੀ ਮੈਡੀਕਲ ਸਟੋਰ ਚਲਾਉਣ ਦੀ ਆੜ ਵਿੱਚ ਨਸ਼ਾ ਵੇਚਦੇ ਸਨ। ਕੁਝ ਦਿਨ ਪਹਿਲਾਂ ਬਰਨਾਲਾ ਪੁਲਿਸ ਵੱਲੋਂ ਨਸ਼ਿਆਂ 'ਤੇ ਡਰੱਗ ਮਨੀ ਸਮੇਤ ਫੜ੍ਹੇ ਗਏ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਮਹਿਲ ਕਲਾਂ ਦੀ ਪੁਲਿਸ ਪਾਰਟੀ ਵੱਲੋਂ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਇਨੋਵਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਜਿਸ ਵਿੱਚੋਂ 273 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਬਰਾਮਦ ਹੋਏ। ਕਾਰ ਚਾਲਕ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਾਂਚ ਪੜਤਾਲ ਕੀਤੀ ਗਈ। ਜਿਸ ਦੌਰਾਨ ਪਤਾ ਲੱਗਿਆ ਕਿ ਇਹ ਵਿਅਕਤੀ ਵੱਖ-ਵੱਖ 6 ਕੇਸਾਂ ਵਿਚੋਂ ਭਗੌੜਾ ਹੈ ਅਤੇ ਇਸ ਉੱਪਰ ਵੱਖ-ਵੱਖ ਕ੍ਰਾਈਮ ਦੇ 18 ਪਰਚੇ ਦਰਜ ਹਨ। ਜਿਨ੍ਹਾਂ ਵਿੱਚੋਂ ਤਿੰਨ ਮਾਮਲੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ। ਪੁਲਿਸ ਨੇ ਇਸ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਜੰਮੂ-ਕਸ਼ਮੀਰ: ਪੁਲਵਾਮਾ 'ਚ ਸੁਰੱਖਿਆ ਬਲਾਂ ਨੇ 3 ਦਹਿਸ਼ਤਗਰਦ ਕੀਤੇ ਢੇਰ
ਇਸ ਤੋਂ ਇਲਾਵਾ ਦੂਜੇ ਮਾਮਲੇ ਸਬੰਧੀ ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਿਸ ਵੱਲੋਂ ਦੋ ਲੱਖ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਅਤੇ ਚਾਰ ਲੱਖ ਰੁਪਏ ਡਰੱਗ ਮਨੀ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਸੀ। ਉਸੇ ਮਾਮਲੇ ਦੀ ਲੜੀ ਤਹਿਤ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਵਿੱਚ ਮਲੇਰਕੋਟਲਾ ਦੇ ਅਲੀ ਮੈਡੀਕਲ ਸਟੋਰ ਦੇ ਮਾਲਕ ਨੂੰ 12 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਦੋਂ ਕਿ ਪੱਖੋਂ ਕਲਾਂ ਦੇ ਗਰਗ ਮੈਡੀਕਲ ਸਟੋਰ ਦੇ ਮਾਲਕ ਤੋਂ ਇਲਾਵਾ ਇੱਕ ਵਿਅਕਤੀ ਬਰਨਾਲੇ ਤੋਂ 10 ਹਜ਼ਾਰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਰੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰਕੇ ਇਸ ਮਾਮਲੇ ਦੀ ਹੋਰ ਪੜਤਾਲ ਸ਼ੁਰੂ ਕਰ ਦਿੱਤੀ ਹੈ।