ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਤਹਿਤ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਵਿਖੇ ਕਿਸਾਨ ਮਜ਼ਦੂਰ ਏਕਤਾ ਮਹਾਂਰੈਲੀ ਦਾ ਆਯੋਜਨ ਕੀਤਾ ਗਿਆ ਹੈ। ਬਰਨਾਲਾ ਦੀ ਦਾਣਾ ਮੰਡੀ ਨੂੰ ਇੱਕ ਤਰ੍ਹਾਂ ਨਾਲ ਕਿਸਾਨੀ ਕਿਲ੍ਹੇ ਵਿੱਚ ਤਬਦੀਲ ਕੀਤਾ ਗਿਆ ਹੈ।
ਰੈਲੀ ਵਿੱਚ ਵੱਡੀ ਗਿਣਤੀ ਕਿਸਾਨ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਜਾ ਸਕਦਾ ਸੀ। ਭਰਵੀਂ ਗਿਣਤੀ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਕਿਸਾਨੀ ਸੰਘਰਸ਼ ਹੋਰ ਤੇਜ਼ ਕਰਨ ਦਾ ਸੁਨੇਹਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਈਟੀਵੀ ਭਾਰਤ ਨਾਲ ਇਸ ਮੌਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਬਾਰੇ ਗੱਲਬਾਤ ਵੀ ਕੀਤੀ।
ਕਿਸਾਨ ਆਗੂ ਨੇ ਕਿਹਾ ਬਰਨਾਲਾ ਦੀ ਕਿਸਾਨ ਮਜ਼ਦੂਰ ਏਕਤਾ ਮਹਾਂਰੈਲੀ ਕਿਸਾਨੀ ਘੋਲ ਵਿੱਚ ਨਵੀਂ ਜਾਨ ਪਾਵੇਗੀ ਅਤੇ ਸਰਕਾਰ ਤੇ ਖੇਤੀ ਕਾਨੂੰਨ ਰੱਦ ਕਰਨ ਲਈ ਦਬਾਅ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਵੀ ਇਸ ਰੈਲੀ ਨਾਲ ਕਿਸਾਨੀ ਘੋਲ ਵਿੱਚ ਵੱਡੀ ਪੱਧਰ 'ਤੇ ਜੁੜੇਗਾ। ਕਿਉਂਕਿ ਇਨ੍ਹਾਂ ਕਾਨੂੰਨਾਂ ਦਾ ਸਭ ਤੋਂ ਵੱਧ ਅਸਰ ਕਿਸਾਨਾਂ ਤੋਂ ਵੱਧ ਮਜ਼ਦੂਰਾਂ 'ਤੇ ਹੀ ਪਵੇਗਾ।