ਬਰਨਾਲਾ : ਸੂਬੇ ਭਰ ਵਿੱਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਬੇਅਦਬੀ ਕਰਨ ਵਾਲਿਆਂ ਦੋਸ਼ੀਆਂ ਨੂੰ ਸਖ਼ਤ ਦਿਵਾਉਣ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਂਦੇ ਪਿੰਡ ਸਹਿਜੜਾ ਦੇ ਬੱਸ ਸਟੈਂਡ ਉੱਪਰ ਟ੍ਰੈਫਿਕ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕਰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਪ੍ਰਦਰਸ਼ਨ ਵਿੱਚ ਭਾਗ ਲੈ ਰਹੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਸੀ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਗੇ, ਨਸ਼ਾ ਚਾਰ ਹਫ਼ਤਿਆਂ ਵਿੱਚ ਖ਼ਤਮ ਕਰ ਦੇਣਗੇ, ਘਰ ਘਰ ਨੌਕਰੀ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ ਸਮੇਤ ਹੋਰ ਵੱਡੇ ਵੱਡੇ ਵਾਅਦੇ ਕਰ ਕੇ ਆਪਣੀ ਸਰਕਾਰ ਬਣਾਈ ਸੀ।
ਕੈਪਟਨ ਸਰਕਾਰ ਦਾ ਸਾਢੇ ਚਾਰ ਸਾਲ ਤੱਕ ਦਾ ਸਮਾਂ ਬੀਤ ਜਾਣ ਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਨਾ ਸਜ਼ਾਵਾਂ ਦਿੱਤੀਆਂ ਅਤੇ ਨਾ ਹੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਕੀਤਾ ਗਿਆ ਅਤੇ ਨਾ ਹੀ ਹੋਰ ਕੀਤੇ ਵਾਅਦੇ ਪੂਰੇ ਕੀਤੇ ਗਏ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀਆਂ ਸਰਕਾਰਾਂ ਨੂੰ ਪੰਜਾਬ ਦੇ ਲੋਕ ਆਉਂਦੇ ਸਮੇਂ ਵਿੱਚ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਦੋਸ਼ੀਆਂ ਦੇ ਖ਼ਿਲਾਫ ਸਖ਼ਤ ਕਦਮ ਚੁੱਕੇ ਹੁੰਦੇ ਤਾਂ ਅੱਜ ਸਾਨੂੰ ਸਰਕਾਰਾਂ ਕੋਲੋ ਇਨਸਾਫ਼ ਲੈਣ ਦੀ ਲੋੜ ਨਾ ਪੈਂਦੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਬੇਅਦਬੀ ਕਰਨ ਵਾਲਿਆਂ ਸਜ਼ਾ ਦਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋਂ : ਬਰਗਾੜੀ ਮੋਰਚਾ: ਸਿਮਰਨਜੀਤ ਸਿੰਘ ਮਾਨ ਸਣੇ 100 ਵਰਕਰ ਗ੍ਰਿਫਤਾਰ