ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ ਦਾ ਕੌਮਾਂਤਰੀ ਔਰਤ ਦਿਵਸ ਸੂਬਾ ਪੱਧਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਹ ਫੈਸਲਾ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੀ ਸੂਬਾ ਕਮੇਟੀ ਦੀ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਲਿਆ ਗਿਆ ਹੈ। ਇਸ ਮੀਟਿੰਗ ਵਿੱਚ ਸੂਬਾ ਭਰ ਦੇ ਆਗੂਆਂ ਤੋਂ ਇਲਾਵਾ ਵੱਖ ਵੱਖ ਜ਼ਿਲਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਸ਼ਾਮਲ ਹੋਏ। ਇਸ ਲਈ ਬਰਨਾਲਾ ਵਿਖੇ ਇੱਕ ਵੱਡਾ ਇਕੱਠ ਬਰਨਾਲਾ ਦੀ ਦਾਣਾ ਮੰਡੀ ਵਿੱਚ ਰੱਖਿਆ ਗਿਆ ਹੈ। ਇਹ ਦਿਨ ਕਿਸਾਨ ਜਥੇਬੰਦੀ ਵਲੋਂ ਔਰਤਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਔਰਤ ਦੇ ਕਿਸਾਨੀ ਸੰਘਰਸ਼ ਦੀ ਹੋਵੇਗੀ ਗੱਲ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਔਰਤ ਦਿਵਸ ਮਨਾਉਣ ਸਬੰਧੀ ਪੰਜਾਬ ਦੇ 19 ਜ਼ਿਲ੍ਹਿਆਂ ਤੋਂ ਭਰਵੀਂ ਸ਼ਮੂਲੀਅਤ ਲਈ ਠੋਸ ਵਿਊਂਤਬੰਦੀ ਉਲੀਕੀ ਗਈ ਹੈ। ਉਸ ਦਿਨ ਆਉਣ ਵਾਲੀਆਂ ਹਜ਼ਾਰਾਂ ਔਰਤਾਂ ਨੂੰ ਕਿਸਾਨੀ ਸੰਘਰਸ਼ਾਂ ਵਿੱਚ ਔਰਤਾਂ ਦੇ ਫੈਸਲਾਕੁੰਨ ਰੋਲ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਜਾਵੇਗਾ। ਜਥੇਬੰਦੀ ਵੱਲੋਂ ਪ੍ਰਸਤਾਵਿਤ ਨਵੀਂ ਖੇਤੀ ਨੀਤੀ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਔਰਤਾਂ ਦੀ ਭੂਮਿਕਾ ਉੱਤੇ ਵੀ ਨਜ਼ਰ ਮਾਰੀ ਜਾਵੇਗੀ।
ਇਹ ਵੀ ਪੜ੍ਹੋ: Review of development works: ਡੀਸੀ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼
ਸਰਕਾਰ ਆਪਣੀਆਂ ਮੰਗਾਂ ਤੋਂ ਮੁਕਰੀ : ਇਸ ਤੋਂ ਇਲਾਵਾ ਉਹਨਾਂ ਕਿਹਾ ਕਿ 20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਵਿਰੁੱਧ ਦਿੱਲੀ ਵਿਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਔਰਤਾਂ ਦੀ ਸ਼ਮੂਲੀਅਤ ਦੀ ਵਿਊਂਤਬੰਦੀ ਵੀ ਉਲੀਕੀ ਜਾਵੇਗੀ। ਕੇਂਦਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਕੇਂਦਰ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਜਾਰੀ ਹੈ। ਔਰਤਾਂ ਨੇ ਕਿਸਾਨ ਅੰਦੋਲਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ ਅਤੇ ਅੱਗੇ ਵੀ ਅਗਲੇ ਸੰਘਰਸ਼ਾਂ ਵਿੱਚ ਉਹਨਾਂ ਦੀ ਭੂਮਿਕਾ ਖਾਸ ਰਹੇਗੀ।
ਜਥੇਬੰਦੀ ਵਲੋਂ ਪਿੰਡ ਤੇ ਬਲਾਕ ਪੱਧਰ ਦੀਆਂ ਮੀਟਿੰਗਾ : ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਵਿੱਚ ਵੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਦੀ ਮਹੱਤਤਾ ਉੱਤੇ ਚਾਨਣ ਪਾਇਆ ਜਾਵੇਗਾ। ਇਹਨਾਂ ਅਗਲੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਜਥੇਬੰਦੀ ਦੀਆਂ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾਵੇਗੀ।