ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 15 ਮਾਰਚ ਨੂੰ ਹੋ ਰਹੇ ਜੀ-20 ਸੰਮੇਲਨ ਵਿਰੁੱਧ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਲਈ ਬਰਨਾਲਾ ਦੀ ਦਾਣਾ ਮੰਡੀ ਵਿਖੇ ਸੂਬਾਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ 19 ਜ਼ਿਲ੍ਹਿਆਂ ਤੋਂ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਆਗੂ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਏ।
ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਟੇਜ ਤੋਂ ਉਭਾਰੇ ਨੁਕਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਅੰਦਰ ਜੀ-20 ਦੀਆਂ 12 ਮੀਟਿੰਗਾਂ ਹੋ ਰਹੀਆਂ ਹਨ। ਇਹਨਾਂ ਦੇ ਏਜੰਡਿਆਂ 'ਚੋਂ ਸਿੱਖਿਆ ਅਤੇ ਲੇਬਰ ਮੁੱਦਿਆਂ ਉੱਤੇ ਹੋਣ ਵਾਲੀਆਂ ਮੀਟਿੰਗਾਂ ਅੰਮ੍ਰਿਤਸਰ ਵਿੱਚ ਕਰਵਾਈਆਂ ਜਾਣੀਆਂ ਹਨ।
ਜਥੇਬੰਦੀ ਨੇ ਲਾਏ ਵੱਡੇ ਇਲਜ਼ਾਮ : ਉਹਨਾਂ ਇਲਜ਼ਾਮ ਲਾਇਆ ਕਿ ਦੁਨੀਆਂ ਦੇ ਵੱਡੇ ਸਾਮਰਾਜੀ ਮੁਲਕਾਂ ਦੀ ਸ਼ਮੂਲੀਅਤ ਤੇ ਮੋਹਰੀ ਭੂਮਿਕਾ ਵਾਲਾ ਇਹ 20 ਦੇਸ਼ਾਂ ਦਾ ਗਰੁੱਪ ਸਾਮਰਾਜੀ ਮੁਲਕਾਂ ਦੇ ਲੁਟੇਰੇ ਮੰਤਵਾਂ ਨੂੰ ਅੱਗੇ ਵਧਾਉਣ ਲਈ ਬਣਾਇਆ ਗਿਆ ਹੈ। ਇਸ ਮੰਚ ਰਾਹੀਂ ਸੰਸਾਰ ਸਾਮਰਾਜੀ ਸੰਸਥਾਵਾਂ ਜਿਵੇਂ ਸੰਸਾਰ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਆਦਿ ਦੇ ਲੁਟੇਰੇ ਏਜੰਡਿਆਂ ਨੂੰ ਪਛੜੇ ਮੁਲਕਾਂ 'ਤੇ ਮੜ੍ਹਿਆ ਜਾਂਦਾ ਹੈ। ਭਾਰਤ ਵਰਗੇ ਮੁਲਕਾਂ ਦੀ ਖੇਤੀ, ਸਨਅਤ ਤੇ ਵਪਾਰ 'ਚ ਸਾਮਰਾਜੀ ਕੰਪਨੀਆਂ ਤੇ ਮੁਲਕਾਂ ਦੀ ਪੁੱਗਤ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦੀਆਂ ਸੰਧੀਆਂ ਕੀਤੀਆਂ ਜਾਂਦੀਆਂ ਹਨ।
ਉਗਰਾਹਾਂ ਨੇ ਕਿਹਾ ਕਿ ਦੇਸ਼ ਦੇ ਕੁਦਰਤੀ ਸੋਮਿਆਂ ਤੇ ਕਿਰਤ ਸ਼ਕਤੀ ਨੂੰ ਸਾਮਰਾਜੀਆਂ ਵੱਲੋਂ ਲੁੱਟਣ ਦੀਆਂ ਵਿਉਤਾਂ ਇਹਨਾਂ ਮੰਚਾਂ ਰਾਹੀਂ ਘੜੀਆਂ ਤੇ ਲਾਗੂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਵਿਰੋਧੀ ਪਲੇਟਫਾਰਮਾਂ ਦਾ ਵਿਰੋਧ ਕਰਨਾ ਸਮੂਹ ਦੇਸ਼ ਭਗਤ ਅਤੇ ਸਾਮਰਾਜ ਵਿਰੋਧੀ ਤਾਕਤਾਂ ਦਾ ਜਮਹੂਰੀ ਹੱਕ ਅਤੇ ਫਰਜ਼ ਬਣਦਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਤਬਾਹ ਹੋ ਰਹੀ ਸਨਅਤ ਤੇ ਸੰਕਟਾਂ 'ਚ ਘਿਰੀ ਖੇਤੀ ਅਜਿਹੇ ਸਾਮਰਾਜੀ ਮੰਚਾਂ ਰਾਹੀਂ ਹੋਈਆਂ ਸੰਧੀਆਂ ਤਹਿਤ ਲਾਗੂ ਕੀਤੀਆਂ ਗਈਆਂ ਨਵੀਆਂ ਆਰਥਿਕ ਤੇ ਸਨਅਤੀ ਨੀਤੀਆਂ ਦਾ ਹੀ ਕਹਿਰ ਹੰਢਾ ਰਹੀਆਂ ਹਨ। ਫ਼ਸਲਾਂ ਲੁੱਟਣ ਤੇ ਜ਼ਮੀਨਾਂ ਹੜੱਪਣ ਦੀ ਨੀਅਤ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨ ਸੰਸਾਰ ਵਪਾਰ ਸੰਸਥਾਵਾਂ ਦੀਆਂ ਹਦਾਇਤਾਂ 'ਤੇ ਅਜਿਹੇ ਮੰਚਾਂ ਰਾਹੀਂ ਹੀ ਆਏ ਸਨ।
ਇਹ ਵੀ ਪੜ੍ਹੋ : Farmers organizations: ਦਿੱਲੀ ਕੂਚ ਕਰਨ ਦਾ ਸੀ ਐਲਾਨ ਤਾਂ ਸੀਬੀਆਈ ਨੇ ਕੀਤੀ ਛਾਪੇਮਾਰੀ, ਪੜ੍ਹੋ ਹੁਣ ਕੇਂਦਰ 'ਤੇ ਕਿਉਂ ਭੜਕੇ ਕਿਸਾਨ
ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਹੋਣਹਾਰ ਦਲਿਤ ਵਿਦਿਆਰਥਣ ਪੰਪੋਸ਼ ਵੱਲੋਂ ਉੱਚ ਜਾਤੀ ਸਮਾਜ ਵਿਰੋਧੀ ਅਨਸਰਾਂ ਦੇ ਵਹਿਸ਼ੀ ਵਤੀਰੇ ਕਾਰਨ ਕੀਤੀ ਗਈ ਖੁਦਕੁਸ਼ੀ ਨੂੰ ਸਮਾਜ ਦੇ ਮੱਥੇ 'ਤੇ ਕਲੰਕ ਦੱਸਦਿਆਂ ਉਸਦੇ ਪ੍ਰਵਾਰ ਨਾਲ ਗਹਿਰੀ ਹਮਦਰਦੀ ਪੇਸ਼ ਕੀਤੀ ਗਈ।