ਬਰਨਾਲਾ: ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ 'ਤੇ ਕੇਂਦਰੀ ਮੰਤਰੀ ਅਤੇ ਪੰਜਾਬ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਜਿੱਥੇ ਉਨ੍ਹਾਂ ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਲੈ ਪੰਜਾਬ ਸਰਕਾਰ ਨੂੰ ਘੇਰਿਆ, ਉਥੇ ਹੀ ਉਹਨਾਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੀਜੇਪੀ ਦਾ ਏਜੰਡਾ ਮੀਡੀਆ ਸਾਹਮਣੇ ਰੱਖਿਆ।
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਇੱਕ ਯੋਗ ਆਗੂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਵਲ ਢਿੱਲੋਂ ਵੱਲੋਂ ਪੰਜਾਬ ਵਿੱਚ ਬਹੁਤ ਸਮਾਂ ਪਹਿਲਾਂ ਪੈਪਸੀਕੋ ਇੰਡਸਟਰੀ ਖੜੀ ਕਰਕੇ ਇੱਥੇ ਰੁਜ਼ਗਾਰ ਪੈਦਾ ਕੀਤਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਚੋਣ ਵਿੱਚ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਨਿਰੋਲ ਖੇਤੀ ਅਧਾਰਤ ਖਿੱਤਾ ਹੈ, ਜਿੱਥੇ ਬੀਜੇਪੀ ਵੱਲੋਂ ਕਾਰਗੋ ਟਰਮੀਨਲ ਸਮੇਤ ਅੰਤਰਰਾਸ਼ਟਰੀ ਏਅਰਪੋਰਟ ਬਣਾਇਆ ਜਾਵੇਗਾ, ਉਥੇ ਐਗਰੀਕਲਚਰ ਪ੍ਰੋਸੈਸਿੰਗ ਇੰਡਸਟਰੀ ਖੜੀ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਖੇਤੀ ਸਬੰਧੀ ਪੰਜਾਬ ਪੂਰੇ ਭਾਰਤ ਦਾ ਦਿਲ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੇ ਕਿਸਾਨ ਪੰਜਾਬ ਭਰ ਵਿੱਚ ਸਬਜ਼ੀਆਂ ਅਤੇ ਸੰਗਰੂਰ-ਬਰਨਾਲਾ ਤੋਂ ਹੋਰ ਖੇਤੀ ਦੀਆਂ ਹੋਰ ਅਨੇਕਾਂ ਫਸਲਾਂ ਪੈਦਾ ਹੁੰਦੀਆਂ ਹਨ। ਜਿਸ ਕਰਕੇ ਇਸ ਖਿੱਤੇ ਵਿੱਚ ਖੇਤੀ ਅਧਾਰਿਤ ਉਦਯੋਗ ਨੂੰ ਪ੍ਰਫੁੱਲਿਤ ਕਰਕੇ ਰੁਜ਼ਗਾਰ ਦੇ ਵੱਡੇ ਮੌਕੇ ਮੁਹੱਈਆ ਕਰਵਾਏ ਜਾਣਗੇ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾਮ ਅਤੇ ਲਹਿਰਾਗਾਗਾ ਵਿੱਚ ਵੱਡੇ ਕੋਲਡ ਸਟੋਰ ਬਣਾਏ ਜਾਣਗੇ। ਉਥੇ ਹੀ ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਖੇਡਾਂ ਵਿੱਚ ਦੇਸ਼ ਭਰ ’ਚੋਂ ਪਹਿਲੇ ਨੰਬਰ ’ਤੇ ਸੀ। ਹੁਣ ਹਰਿਆਣਾ ਤੋਂ ਵੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਡਾਂ ਵਿੱਚ ਪੰਜਾਬ ਨੂੰ ਮੁੜ ਇੱਕ ਨੰਬਰ ਬਨਾਉਣ ਲਈ ਸੰਗਰੂਰ ਨੂੰ ਖੇਡ ਹੱਬ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਅਗਨੀਪਥ ਯੋਜਨਾ ’ਤੇ ਕੇਂਦਰ ਨੂੰ ਘੇਰਨ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਲੈ ਕੇ ਜਲਦ ਸਕਦਾ ਹੈ ਵੱਡਾ ਫੈਸਲਾ !