ਬਰਨਾਲਾ: ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ਦੀ ਮਲੋਟ ਸ਼ਹਿਰ 'ਚ ਕੁੱਟਮਾਰ ਕੀਤੇ ਜਾਣ ਦੇ ਰੋਸ ਵਜੋਂ ਬਰਨਾਲਾ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਵੀ ਮੰਗ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਬੀਤੇ ਕੱਲ ਭਾਰਤੀ ਜਨਤਾ ਪਾਰਟੀ ਵਲੋਂ ਪੂਰੇ ਪੰਜਾਬ ਵਿੱਚ ਕਾਂਗਰਸ ਦੇ 4 ਸਾਲ ਪੂਰੇ ਹੋਣ 'ਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਜਗ੍ਹਾ-ਜਗ੍ਹਾ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ, ਪਰ ਮਲੋਟ ਸ਼ਹਿਰ 'ਚ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ਨਾਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਕੱਪੜੇ ਪਾੜ ਕੇ ਉਨ੍ਹਾਂ ਨੂੰ ਬੇਇੱਜਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪੂਰੀ ਤਰ੍ਹਾਂ ਨਾਲ ਗੁੰਡਾਰਾਜ ਫੈਲ ਚੁੱਕਿਆ ਹੈ ਅਤੇ ਕਿਸਾਨਾਂ ਦੇ ਨਾਮ 'ਤੇ ਕਾਂਗਰਸ ਸਰਕਾਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਵਿਧਾਇਕ ਦੇ ਨਾਲ ਹੋਈ ਬਦਸਲੂਕੀ ਦੇ ਮਾਮਲੇ 'ਚ ਪੰਜਾਬ ਭਾਜਪਾ ਵਲੋਂ ਰਾਜਪਾਲ ਨੂੰ ਮਿਲਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਤੱਕ ਕਾਂਗਰਸ ਪਾਰਟੀ ਵਲੋਂ ਭਾਜਪਾ ਆਗੂਆਂ ਦੇ ਨਾਲ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਗਈਆਂ ਹੈ, ਪਰ ਹੁਣ ਭਾਰਤੀ ਜਨਤਾ ਪਾਰਟੀ ਕਾਂਗਰਸ ਦੀ ਹਰ ਹਰਕੱਤ ਦਾ ਮੂੰਹਤੋੜ ਜਵਾਬ ਦੇਵੇਗੀ। ਉਥੇ ਹੀ ਉਨ੍ਹਾਂ ਨੇ ਕੇਂਦਰੀ ਸਰਕਾਰ ਤੋਂ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਵੀ ਕੀਤੀ।
ਇਹ ਵ ਪੜ੍ਹੋ:ਕਿਵੇਂ ਬਣਦੈ ਹਰਬਲ ਗੁਲਾਲ ਜਾਣੋਂ ਆਦਿਵਾਸੀ ਔਰਤਾਂ ਤੋਂ ਪੰਜ ਪੜਾਅ 'ਚ