ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 1 ਮਹੀਨੇ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਵਿੱਚ ਵਾਧਾ ਕਰਦੇ ਹੋਏ ਕਿਸਾਨ ਯੂਨੀਅਨ ਨੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਅੱਗੇ ਵੀ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਦਰਸ਼ਨ ਸਿੰਘ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਤੋਂ ਪਹਿਲਾਂ ਪਟਿਆਲਾ ਅਤੇ ਪਿੰਡ ਬਾਦਲ ਵਿਖੇ 5 ਦਿਨ ਪੱਕੇ ਮੋਰਚੇ ਚੱਲੇ। ਇਸ ਤੋਂ ਬਾਅਦ ਰੇਲਵੇ ਲਾਈਨਾਂ, ਟੌਲ ਪਲਾਜ਼ਿਆਂ ਅਤੇ ਪੈਟਰੋਲ ਪੰਪਾਂ 'ਤੇ ਵੀ ਪੱਕੇ ਮੋਰਚੇ ਲਗਾਏ ਗਏ। ਇਸ ਦੇ ਨਾਲ ਹੀ ਸੂਬਾ ਕਮੇਟੀ ਦੇ ਸੱਦੇ 'ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਵਿੱਚ ਵਾਧਾ ਕਰਦੇ ਹੋਏ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਜਾਂ ਤਾਂ ਭਾਜਪਾ ਆਗੂ ਪਾਰਟੀ ਤੋਂ ਅਸਤੀਫ਼ਾ ਦੇਣ ਜਾਂ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ। ਪਰ ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਰਾਜਸੀ ਪਾਰਟੀਆਂ ਦਾ ਵਜੂਦ ਖ਼ਤਮ ਕੀਤਾ ਗਿਆ ਹੈ ਅਤੇ ਹੁਣ ਸ਼ਹਿਰਾਂ ਵਿੱਚ ਇਨ੍ਹਾਂ ਸਿਆਸੀ ਲੋਕਾਂ ਦੇ ਪਰਦੇ ਚੁੱਕੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨ ਨੂੰ 13 ਨਵੰਬਰ ਲਈ ਮੀਟਿੰਗ ਦੇ ਸੱਦੇ ਭੇਜੇ ਗਏ ਹਨ।
ਇਸ ਸਬੰਧੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਅਤ ਕਿਸਾਨਾਂ ਦੇ ਮਸਲੇ ਹੱਲ ਕਰਨ ਵਾਲੀ ਨਹੀਂ ਹੈ, ਜਿਸ ਤੋਂ ਕਿਸਾਨ ਭਲੀ ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਕਿਸਾਨ ਆਗੂ ਇਸ ਮੀਟਿੰਗ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਦਾ ਸੰਘਰਸ਼ ਕੇਂਦਰ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰੇਗਾ। 26-27 ਨਵੰਬਰ ਨੂੰ ਦਿੱਲੀ ਘੇਰਨ ਦੀ ਪੂਰੀ ਤਿਆਰੀ ਹੋ ਚੁੱਕੀ ਹੈ। ਪੰਜਾਬ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਘਿਰਾਓ 'ਚ ਸ਼ਾਮਲ ਹੋਣਗੇ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।