ਬਰਨਾਲਾ: ਖੇਤੀ ਕਾਨੂੰਨਾਂ ਦਾ ਵਿਰੋਧ ’ਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਦੁਸਹਿਰੇ ਦੇ ਤਿਉਹਾਰ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੋਦੀ ਸਰਕਾਰ ਦੇ ਰਾਵਣ ਰੂਪੀ ਪੁਤਲੇ ਸਾੜ ਕੇ ਰੋਸ ਜਤਾਇਆ ਜਾ ਰਿਹਾ ਹੈ। ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰ ’ਤੇ ਇਹ ਰੋਸ ਪ੍ਰਦਰਸ਼ਨ ਦੇ ਰੂਪ ਵਿੱਚ ਮੋਦੀ ਸਰਕਾਰ, ਕਾਰਪੋਰੇਟਾਂ ਅਤੇ ਨਿੱਜੀ ਕੰਪਨੀਆਂ ਦੇ ਪੁਤਲੇ ਸਾੜੇ ਜਾਣਗੇ। ਇਸ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਜੱਥੇਬੰਦੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਬਰਨਾਲਾ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਕਿਸਾਨ ਜੱਥੇਬੰਦੀ ਨਾਲ ਇਸ ਪ੍ਰਦਰਸ਼ਨ ਨੂੰ ਲੈ ਕੇ ਬੈਠਕ ਕੀਤੀ ਗਈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਆਗੂ ਰੂਪ ਸਿੰਘ ਛੰਨਾ, ਬਲੌਰ ਸਿੰਘ ਅਤੇ ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ ਮੋਦੀ ਸਰਕਾਰ ਦੇ 41 ਥਾਵਾਂ ’ਤੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕੀਤੇ ਜਾ ਰਹੇ ਹਨ। ਕਿਉਂਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨੀ ਸਮੇਤ ਹਰ ਵਰਗ ਦਾ ਨੁਕਸਾਨ ਹੋਵੇਗਾ। ਕਾਰਪੋਰੇਟ ਕੰਪਨੀਆਂ ਨੂੰ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇਣਾ ਚਾਹੁੰਦੀ ਹੈ ਜਿਸ ਕਰਕੇ ਕਿਸਾਨਾਂ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿਖੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮੋਦੀ ਸਰਕਾਰ, ਅੰਬਾਨੀ, ਅੰਡਾਨੀ ਅਤੇ ਕਾਰਪੋਰੇਟਾਂ ਦੇ ਸਾਂਝੇ ਪੁਤਲੇ ਬਣਾ ਕੇ ਸਾੜੇ ਜਾਣਗੇ।
ਇਸ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ਸਮੇਤ ਸ਼ਹਿਰੀ ਲੋਕ ਵੀ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ।
ਉਧਰ ਇਸ ਮੌਕੇ ਕਿਸਾਨ ਆਗੂਆਂ ਨਾਲ ਬੈਠਕ ਕਰਨ ਪਹੁੰਚੇ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਬਰਨਾਲਾ ਵਿਖੇ ਹਿੰਦੂ ਭਾਈਚਾਰੇ ਅਤੇ ਕਿਸਾਨਾਂ ਵੱਲੋਂ ਵੱਖੋ-ਵੱਖਰੇ ਤੌਰ ’ਤੇ ਦੁਸਹਿਰਾ ਆਪਣੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਕੋਵਿਡ 19 ਸਬੰਧੀ ਸ਼ੋਸ਼ਲ ਡਿਸਟੈਂਸ ਅਤੇ ਮਾਸਕ ਦਾ ਧਿਆਨ ਰੱਖਣ ਲਈ ਵੀ ਕਿਹਾ ਗਿਆ ਹੈ।