ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੇ ਅੰਤਰਗਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਸਮੇਤ ਵੱਖ-ਵੱਖ ਜ਼ਿਲ੍ਹਿਆ ਦੇ ਆਗੂ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਪਿਛਲੇ ਇੱਕ ਮਹੀਨੇ ਦੇ ਸੰਘਰਸ਼ ਦੀ ਪੜਚੋਲ ਅਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ।
ਉਨ੍ਹਾਂ ਕਿਹਾ ਕਿ 5 ਨਵੰਬਰ ਦਾ ਚੱਕਾ ਜਾਮ ਤੈਅ ਕਰੇਗਾ ਕਿ ਆਉਣ ਵਾਲੀ 26-27 ਨਵੰਬਰ ਨੂੰ ਘਿਰਾਓ ਕਿਸ ਤਰ੍ਹਾਂ ਕੀਤਾ ਜਾਵੇਗਾ? ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਪਿਛਲੇ ਇੱਕ ਮਹੀਨੇ ਤੋਂ ਪੂਰੇ ਉਤਸ਼ਾਹ ਨਾਲ ਕਿਸਾਨਾਂ ਨੇ ਮੋਰਚੇ ਸੰਭਾਲੇ ਹੋਏ ਹਨ। ਕਿਸਾਨਾਂ ਦਾ ਰੋਸ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣ ਵਾਲਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਜਾਰੀ ਰਹਿਣ ਵਾਲਾ ਹੈ।