ਬਰਨਾਲਾ: ਪੰਜਾਬ ਵਿੱਚ ਜਿੱਥੇ ਇੱਕ ਪਾਸੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਉੱਥੇ ਦੂਜੇ ਪਾਸੇ ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਬਰਨਾਲਾ ਦੀ ਦਾਣਾ ਮੰਡੀ ਵਿੱਚ ਕਿਸਾਨ ਜਥੇਬੰਦੀ ਵੱਲੋਂ ਸੂਬਾ ਪੱਧਰੀ ਜੁਝਾਰ ਰੈਲੀ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਨੌਜਵਾਨ ਅਤੇ ਔਰਤਾਂ ਸ਼ਾਮਿਲ ਹੋਏ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਕੋਰੋਨਾ ਸਬੰਧੀ ਹਦਾਇਤਾਂ ਦੇ ਬਾਵਜੂਦ ਦਾਣਾ ਮੰਡੀ ਵਿੱਚ ਕਿਸਾਨ ਜਥੇਬੰਦੀ ਵੱਲੋਂ ਵੱਡਾ ਇਕੱਠ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਅੱਜ ਸ਼ਕਤੀ ਪ੍ਰਦਰਸ਼ਨ ਦੇ ਰੂਪ ਵਿੱਚ ਵੱਡਾ ਇਕੱਠ ਕੀਤਾ ਗਿਆ ਹੈ। ਉਨ੍ਹਾਂ ਦੀ ਜਥੇਬੰਦੀ ਚੋਣਾਂ ਵਿੱਚ ਭਾਗ ਨਹੀਂ ਲੈ ਰਹੀ, ਬਲਕਿ ਚੋਣਾਂ ਵਿੱਚ ਸਿਆਸੀ ਲੋਕਾਂ ਨੂੰ ਪਿੰਡਾਂ ਵਿੱਚ ਘੇਰ ਕੇ ਸਵਾਲ ਕਰਨ ਦਾ ਐਲਾਨ ਕੀਤਾ ਹੈ।
ਕਿਉਂਕਿ ਖੇਤੀ ਕਾਨੂੰਨਾਂ ਦੇ ਸੰਘਰਸ਼ ਨੂੰ ਮੁਲਤਵੀ ਕਰਨ ਤੋਂ ਬਾਅਦ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ, ਉਨ੍ਹਾਂ ਦੀਆਂ ਕੁੱਝ ਮੰਗਾਂ ਅਜੇ ਲਟਕ ਰਹੀਆਂ ਹਨ। ਯੂਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ, ਕਿਸਾਨਾਂ ਉੱਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਤੋਂ ਇਲਾਵਾ ਪੰਜਾਬ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫੀ ਵਰਗੇ ਅਹਿਮ ਮਸਲਿਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਾਰੀਆਂ ਹੀ ਸਿਆਸੀ ਪਾਰਟੀਆਂ ਬੀਜੇਪੀ, ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਇੱਥੋਂ ਤੱਕ ਕੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਵੀ ਪਿੰਡਾਂ ਵਿੱਚ ਸਵਾਲ ਕੀਤੇ ਜਾਣਗੇ।
ਇਹ ਵੀ ਪੜੋ: ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ