ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਸਬੰਧੀ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਸਬੰਧੀ ਚਰਚਾ ਕੀਤੀ ਗਈ ਅਤੇ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਵਿਰੁੱਧ ਸੰਘਰਸ਼ ਲੜਨ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਜੱਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ 20 ਜੁਲਾਈ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਲਈ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਅਤੇ ਦੇਸ਼ ਦੀ ਕਿਸਾਨੀ ਨੂੰ ਬਿਲਕੁਲ ਤਬਾਹ ਕਰ ਦੇਣਗੇ। ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਵਾਇਰਸ ਦਾ ਲਾਹਾ ਲੈ ਕੇ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰ ਰਹੀ ਹੈ।
ਇਹ ਵੀ ਪੜ੍ਹੋ: ਗ਼ਰੀਬੀ ਦੇ ਬਾਵਜੂਦ ਪਿਤਾ ਦਾ ਸੁਪਨਾ ਪੂਰਾ ਕਰਨ ਲਈ 7 ਸਾਲਾ ਰਾਸ਼ੀ ਨੇ ਨਹੀਂ ਛੱਡਿਆ ਗਾਉਣਾ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਖ਼ਤਮ ਕਰਕੇ ਇਹ ਸਭ ਕੁੱਝ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਲੋਕਾਂ ’ਤੇ ਬੋਝ ਪਾਇਆ ਜਾ ਰਿਹਾ ਹੈ। ਬਿਜਲੀ ਸੋਧ ਬਿੱਲ ਦੇ ਬਹਾਨੇ ਕੇਂਦਰ ਸਰਕਾਰ ਸਾਰਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਤੋਂ ਬਿਜਲੀ ਸਬਸਿਡੀ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ 20 ਜੁਲਾਈ ਨੂੰ ਜਥੇਬੰਦੀ ਵੱਲੋਂ ਸੰਕੇਤਕ ਟਰੈਕਟਰ ਮਾਰਚ ਬਰਨਾਲਾ ਦੀ ਦਾਣਾ ਮੰਡੀ ਤੋਂ ਡੀਸੀ ਦਫ਼ਤਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।