ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਰੇਲਵੇ ਅਤੇ ਸੜਕੀ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦਾ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਂ ਮੁਅੱਤਲ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ, ਕਿਸਾਨਾਂ 'ਤੇ ਦਰਜ ਪਰਚਿਆਂ ਨੂੰ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਅਤੇ ਲਖੀਮਪੁਰ ਖੀਰੀ ਘਟਨਾ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇੰਨ੍ਹਾਂ ਮੰਗਾਂ ਤਹਿਤ ਅੱਜ ਬਰਨਾਲਾ ਵਿੱਚ ਚੰਡੀਗੜ੍ਹ ਰੋਡ ਤੇ ਬਡਬਰ ਟੋਲ ਪਲਾਜ਼ਾ ਤੇ ਮੋਗਾ ਰੋਡ ਉੱਪਰ ਪੱਖੋਂ ਕੈਂਚੀਆਂ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ ਜਦਕਿ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ ਉੱਪਰ ਬਠਿੰਡਾ ਅੰਬਾਲਾ ਰੇਲਵੇ ਲਾਈਨਾਂ ਨੂੰ ਬਲਾਕ ਕਰਕੇ ਕੇਂਦਰ ਸਰਕਾਰ ਵਿਰੁੱਧ ਆਪਣਾ ਪ੍ਰਦਰਸ਼ਨ ਕੀਤਾ ਗਿਆ।
ਪੱਖੋ ਕੈਂਚੀਆਂ ਟੋਲ ਪਲਾਜ਼ੇ ਉਪਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ ਉਸ ਵਿਰੁੱਧ ਅੱਜ ਦੇਸ਼ ਭਰ ਵਿੱਚ ਕਿਸਾਨ ਸੜਕਾਂ ’ਤੇ ਰੇਲਵੇ ਲਾਈਨ ਉੱਪਰ ਉੱਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਸਾਰੀਆਂ ਫ਼ਸਲਾਂ ਦੇ ਐਮਐਸਪੀ ਦੀ ਗਰੰਟੀ, ਕਿਸਾਨਾਂ ਉੱਪਰ ਦਰਜ ਕੀਤੇ ਪਰਚੇ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਸਮੇਤ ਹੋਰ ਅਨੇਕਾਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਅਜੇ ਤੱਕ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ।
ਇਸ ਕਰਕੇ ਉਨ੍ਹਾਂ ਨੂੰ ਆਪਣਾ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਅਜੇ ਤੱਕ ਮੰਤਰੀ ਮੰਡਲ ਵਿੱਚੋਂ ਬਰਖਾਸਤ ਨਹੀਂ ਕੀਤਾ ਗਿਆ। ਇਸ ਘਟਨਾ ਦੇ ਇਨਸਾਫ਼ ਨੂੰ ਲੈ ਕੇ ਵੀ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਅਤੇ ਤਿੱਖੇ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 2024 ਦੀ ਲੋਕ ਸਭਾ ਚੋਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਜਥੇਬੰਦੀਆਂ ਪਿੰਡ-ਪਿੰਡ, ਘਰ-ਘਰ ਜਾ ਕੇ ਬੀਜੇਪੀ ਵਿਰੁੱਧ ਪ੍ਰਚਾਰ ਕਰਨਗੀਆਂ, ਜਿਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ: SKM ਦੇ ਸੱਦੇ 'ਤੇ ਬਠਿੰਡਾ ਰੇਲਵੇ ਜੰਕਸ਼ਨ 'ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ