ਬਰਨਾਲਾ: ਬੀਤੇ ਦਿਨ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕੇ ਰੁਜ਼ਗਾਰ ਦੀ ਹੱਕੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦੁਆਰਾ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਮੁੰਡੇ ਕੁੜੀਆਂ ਨੂੰ ਪੱਕਾ ਰੁਜਗਾਰ ਦੇਣ ਦੀ ਥਾਂ ਇਹਦੇ ਵੱਲੋਂ ਵੀ ਨਿੱਜੀਕਰਨ ਦੀ ਨੀਤੀ ਨੂੰ ਅੱਗੇ ਵਧਾਉਂਦਿਆਂ ਨਾਂ-ਮਾਤਰ ਠੇਕਾ ਭਰਤੀ ਹੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਵਾਂਗ ਹੀ ਆਪ ਸਰਕਾਰ ਵੱਲੋਂ ਵੀ ਨਿਹੱਥੇ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਅਤੇ ਕੁਚਲਣ ਦੀ ਨੀਤੀ ਅਪਣਾਈ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਵਾਇਰਲ ਵੀਡੀਓ ਅਨੁਸਾਰ ਬੇਰੁਜ਼ਗਾਰ ਮੁੰਡੇ ਕੁੜੀਆਂ ਨੂੰ ਬੇਰਹਿਮੀ ਨਾਲ ਛੱਲੀਆਂ ਵਾਂਗ ਕੁੱਟ ਰਹੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸਹੀ ਤੇ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇ। ਬੇਰੁਜ਼ਗਾਰਾਂ ਦੀ ਹੱਕੀ ਆਵਾਜ਼ ਨੂੰ ਹਮਦਰਦੀ ਨਾਲ ਵਿਚਾਰ ਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ।
ਇਹ ਵੀ ਪੜ੍ਹੋ: 'ਮੇਰੀ ਨਿਯੁਕਤੀ ਮੈਰਿਟ ਦੇ ਆਧਾਰ ’ਤੇ ਹੋਈ, ਨਹੀਂ ਕੀਤੀ ਕਿਸੇ ਤੱਕ ਪਹੁੰਚ'