ਬਰਨਾਲਾ: ਖੇਤੀ ਕਾਨੂੰਨ ਸੰਘਰਸ਼ ਦੇ ਅਧੀਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਹੋਈ। ਇਸ ਮੀਟਿੰਗ ਵਿੱਚ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਹਰਿੰਦਰ ਬਿੰਦੂ ਨੇ ਦੱਸਿਆ ਕਿ ਵਿਧਾਨ ਸਭਾ ਦਾ ਸੈਸ਼ਨ ਦੌਰਾਨ ਧਰਨਾ ਦੇਣ ਦਾ ਮਕਸਦ ਕਾਂਗਰਸ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਣਾ ਹੈ, ਜੋ ਉਨ੍ਹਾਂ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ।
ਇਸ ਧਰਨੇ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤਾ ਪਾਉਣ, ਪੰਜਾਬ ਸਰਕਾਰ ਨੂੰ 2017 ਵਿੱਚ ਪਾਸ ਕੀਤੇ ਗਏ ਪ੍ਰਾਈਵੇਟ ਮੰਡੀ ਦੇ ਬਿੱਲ ਅਤੇ ਬਿਜਲੀ ਸੋਧ ਬਿੱਲ (2020) ਨੂੰ ਰੱਦ ਕਰਵਾਉਣ ਲਈ ਦਬਾਅ ਬਣਾਇਆ ਜਾਵੇਗਾ। ਇਸ ਧਰਨੇ ਨੂੰ ਲੈ ਕੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ ਅਤੇ ਕਿਸਾਨ ਸ਼ਾਮਲ ਹੋਣਗੇ। ਇਨ੍ਹਾਂ ਮੰਗਾਂ ਨੂੰ ਲੈ ਕੇ 17 ਅਕਤੂਬਰ ਨੂੰ ਜਥੇਬੰਦੀ ਵੱਲੋਂ ਪੰਜਾਬ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ 17 ਅਕਤੂਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ ਆਪਣੇ ਮੋਰਚਿਆਂ 'ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 25 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਜਾਵੇਗਾ।