ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੁੱਚੇ ਦੇਸ਼ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਦੇ ਨਾਲ-ਨਾਲ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਘੱਟੋ-ਘੱਟ ਸਮਰਥਨ ਮੁੱਲ ਸਮੇਤ ਸੱਤ ਮੰਗਾਂ ਸਬੰਧੀ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇਣ ਦਾ ਐਲਾਨ ਕੀਤਾ।
26 ਨਵੰਬਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ: ਇਸ ਮੌਕੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ਦੇ ਗਵਰਨਰਾਂ ਨੂੰ ਮੰਗ ਪੱਤਰ ਦੇਣ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰਾਸ਼ਟਰਪਤੀ ਦੇ ਨਾਂ ਪੰਜਾਬ ਦੇ ਗਵਰਨਰ ਨੂੰ ਐੱਮਐੱਸਪੀ ਸਮੇਤ 7 ਨੁਕਾਤੀ ਮੰਗਾਂ ਤੇ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਖਿਲਾਫ਼ ਲੋਕਾਂ ਦੀ ਉੱਠ ਰਹੀ ਜਥੇਬੰਦ ਸੰਘਰਸ਼ੀ ਤਾਕਤ ਨੂੰ ਖਿੰਡਾਉਣ ਲਈ ਸਰਕਾਰ ਅਤੇ ਵੱਖ ਵੱਖ ਲੋਕ ਵਿਰੋਧੀ ਤਾਕਤਾਂ ਦਾ ਜ਼ੋਰ ਲੱਗਾ ਹੋਇਆ ਹੈ।
ਸੰਘਰਸ਼ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ: ਉਨ੍ਹਾਂ ਕਿਹਾ ਕਿ ਜਿਸ ਮੌਕੇ ਕੇਂਦਰ ਅਤੇ ਰਾਜ ਸਰਕਾਰਾਂ ਪਾਣੀ, ਜ਼ਮੀਨ ਸਮੇਤ ਸਰਕਾਰੀ ਅਦਾਰਿਆਂ ਤੇ ਬਹੁਰਾਸ਼ਟਰੀ ਕੰਪਨੀਆਂ ਦਾ ਕਬਜ਼ਾ ਕਰਵਾਉਣ ਲਈ ਪੱਬਾਂ ਭਾਰ ਹੋਈਆਂ ਹਨ, ਉੱਥੇ ਇਨ੍ਹਾਂ ਨੀਤੀਆਂ ਖ਼ਿਲਾਫ਼ ਉਠ ਰਹੇ ਜਨਤਕ ਅੰਦੋਲਨ ਨੂੰ ਖਿੰਡਾਉਣ ਲਈ ਸਰਕਾਰੀ ਜਬਰ ਤੇਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਫਿਰਕਾਪ੍ਰਸਤ ਤਾਕਤਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਜੋ ਧਰਮਾਂ, ਜਾਤਾਂ-ਪਾਤਾਂ, ਰਾਜਾਂ ਅਤੇ ਇਲਾਕਿਆਂ ਦੇ ਤੇ ਆਪਸੀ ਕਤਲੋਗਾਰਦ ਕਰਵਾਉਣ ਤੇ ਤੁਲੇ ਹੋਏ ਹਨ।
ਸਰਕਾਰ ਖਿਲਾਫ ਤਿੱਖੇ ਸੰਘਰਸ਼ ਦੀ ਲੋੜ: ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਕਰਜ਼ੇ ਅਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। ਪੜ੍ਹੇ-ਲਿਖੇ ਬੇਰੁਜ਼ਗਾਰ ਮੁੰਡੇ ਕੁੜੀਆਂ ਰੁਜ਼ਗਾਰ ਨਾ ਮਿਲਣ ਕਾਰਨ ਵਿਦੇਸ਼ਾ ਵੱਲ ਭੱਜ ਰਹੇ ਹਨ ਜਾਂ ਨਸ਼ਿਆਂ ਦੇ ਦਰਿਆ ਵਿੱਚ ਰੋੜ੍ਹੇ ਜਾ ਰਹੇ ਹਨ। ਆਮ ਲੋਕਾਂ ਤੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਦੂਰ ਹੁੰਦੀਆਂ ਜਾ ਰਹੀਆਂ ਹਨ ਜਿਸ ਖਾਤਰ ਤਿੱਖੇ ਸ਼ੰਘਰਸ਼ ਦੀ ਲੋੜ ਹੈ।
ਕਿਸਾਨਾਂ ਦਾ ਕੀਤਾ ਜਾਵੇਗਾ ਇੱਕਠ: ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ 26 ਨਵੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਕਿਸਾਨ ਇਕੱਠੇ ਹੋਣਗੇ, ਜਿਸ ਤੋਂ ਅੱਗੇ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ ਲੱਗੇ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਨੇ ਮੰਨਿਆ ਸੀ ਕਿ ਐਮਐਸਪੀ ਤੇ ਫਸਲਾਂ ਦੀ ਸਰਕਾਰੀ ਖਰੀਦ ਲਈ ਕਾਨੂੰਨ ਬਣਾਇਆ ਜਾਵੇਗਾ, ਲਖੀਮਪੁਰ ਖੀਰੀ (ਯੂਪੀ )ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣੀਆਂ, ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣਗੇ ਪਰ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਨੇ ਕੋਈ ਵੀ ਕਦਮ ਅੱਗੇ ਨਹੀਂ ਵਧਾਇਆ। ਉਹਨਾਂ ਕਿਹਾ ਕਿ 26 ਨਵੰਬਰ ਨੂੰ 11 ਵਜੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਵੱਧ ਤੋਂ ਵੱਧ ਲੋਕਾਂ ਨੂੰ ਲੈ ਕੇ ਆਉਣ ਦੀ ਅਪੀਲ ਕੀਤੀ।
ਇਹ ਵੀ ਪੜੋ: CM ਮਾਨ ਦੇ ਗੈਰ ਜ਼ਿੰਮੇਵਾਰਾਨਾ ਬਿਆਨਾਂ ਦੇ ਵਿਰੋਧ 'ਚ ਅੱਜ ਭਾਰਤ ਭਰ 'ਚ ਪੁਤਲਾ ਫੂਕ ਮੁਜ਼ਾਹਰਾ