ਬਰਨਾਲਾ: ਕਿਸਾਨਾਂ ਦੀ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਾਰਚ ਨੂੰ ਕਾਲਾ ਦਿਨ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਅੱਜ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿਚ ਕਿਸਾਨਾਂ ਵੱਲੋਂ ਕਾਲਾ ਦਿਨ ਮਨਾਇਆ ਗਿਆ।
ਇਸ ਮੌਕੇ ਕਿਸਾਨਾਂ ਵੱਲੋਂ ਮੋਰਚੇ ਦੇ ਚਾਰੇ ਪਾਸੇ ਕਾਲੇ ਝੰਡੇ ਲਗਾਏ ਗਏ ਸਨ, ਔਰਤਾਂ ਕਾਲੀਆਂ ਚੁੰਨੀਆਂ ਲੈ ਕੇ ਅਤੇ ਕਿਸਾਨ ਕਾਲੀਆਂ ਪੱਗਾਂ ਬੰਨ੍ਹ ਕੇ ਮੋਰਚੇ ਵਿੱਚ ਸ਼ਾਮਲ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਜ ਕਿਸਾਨਾਂ ਵੱਲੋਂ ਕਾਲਾ ਦਿਨ ਮਨਾਇਆ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਜੁਗਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋ ਰਹੇ ਹਨ ਪਰ ਸਰਕਾਰ ਤੇ ਕੋਈ ਅਸਰ ਨਹੀਂ ਪੈ ਰਿਹਾ। ਜਿਸ ਕਰਕੇ ਉਨ੍ਹਾਂ ਵੱਲੋਂ ਆਪਣੇ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦੇ ਬਾਵਜੂਦ ਕਿਸਾਨ ਆਪਣੇ ਇਰਾਦੇ ਤੇ ਦ੍ਰਿੜ੍ਹ ਹਨ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ।