ਬਰਨਾਲਾ: ਪੰਜਾਬ ਵਿੱਚ ਦਿਨੋ-ਦਿਨ ਬਿਜਲੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਦੇ ਵਾਧੇ ਲਈ ਜਿੱਥੇ ਮੌਜੂਦਾ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਉੱਥੇ ਇਸ ਦੀ ਸਭ ਤੋਂ ਵੱਧ ਜ਼ਿੰਮੇਵਾਰ ਪਿਛਲੀ ਅਕਾਲੀ ਭਾਜਪਾ ਸਰਕਾਰ ਹੈ। ਕਿਉਂਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਥਰਮਲ ਪਲਾਂਟ ਹੋਂਦ ਵਿੱਚ ਆਏ, ਇਨ੍ਹਾਂ ਪ੍ਰਾਈਵੇਟ ਥਰਮਲਾਂ ਨਾਲ ਲਗਾਤਾਰ ਬਿਜਲੀ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਥਰਮਲ ਪਲਾਂਟਾਂ ਨੂੰ ਬਿਨ੍ਹਾਂ ਬਿਜਲੀ ਲਏ ਵੀ ਕਰੋੜਾਂ ਰੁਪਏ ਦੇ ਭੁਗਤਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਇਹ ਭੁਗਤਾਨ ਪੰਜਾਬ ਦੇ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਨਿਕਲ ਰਹੇ ਹਨ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪ੍ਰਾਈਵੇਟ ਥਰਮਲਾਂ ਨਾਲ ਕੀਤੇ ਗਏ ਸਮਝੌਤਿਆਂ ਤਹਿਤ ਜਿੱਥੇ ਅਕਾਲੀ ਭਾਜਪਾ ਸਰਕਾਰ ਸਮੇਂ ਕਮਿਸ਼ਨਾਂ ਦੇ ਰੂਪ ਵਿੱਚ ਪੈਸੇ ਅਕਾਲੀ ਆਗੂਆਂ ਦੇ ਜੇਬਾਂ ਵਿਚ ਜਾਂਦੇ ਸਨ, ਉੱਥੇ ਹੁਣ ਇਹ ਕਮਿਸ਼ਨ ਕੈਪਟਨ ਅਮਰਿੰਦਰ ਸਿੰਘ ਦੀਆਂ ਜੇਬਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਕੀਮਤਾਂ ਕਾਰਨ ਸਰਕਾਰ ਨੇ ਪੰਜਾਬ ਵਿੱਚ ਲੁੱਟ ਮਚਾ ਰੱਖੀ ਹੈ।
ਇਹ ਵੀ ਪੜੋ: GGI ਰਿਪੋਰਟ 'ਤੇ ਸਿਆਸਤ: ਸੁਖਬੀਰ ਬਾਦਲ 'ਤੇ ਵਰ੍ਹੇ ਕੈਪਟਨ
ਮੀਤ ਹੇਅਰ ਨੇ ਕਿਹਾ ਕਿ ਜਦੋਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਬਿਜਲੀ ਮੁੱਲ ਖਰੀਦ ਕੇ ਲੋਕਾਂ ਨੂੰ ਸਸਤੇ ਰੇਟ ਵਿੱਚ ਦੇ ਸਕਦੀ ਹੈ ਤਾਂ ਖੁਦ ਬਿਜਲੀ ਪੈਦਾ ਕਰਨ ਵਾਲੇ ਪੰਜਾਬ ਵਿੱਚ ਬਿਜਲੀ ਦੇ ਰੇਟ 10 ਰੁਪਏ ਪ੍ਰਤੀ ਯੂਨਿਟ ਤੱਕ ਪਹੁੰਚ ਚੁੱਕੀ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ਤੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਤਹਿਤ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਪਹਿਲਾਂ ਡੀਸੀ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਮੰਗ ਪੱਤਰ ਦਿੱਤੇ ਜਾਣਗੇ, ਉੱਥੇ 7 ਜਨਵਰੀ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ।