ਬਰਨਾਲਾ: ਬਰਨਾਲਾ ਜ਼ਿਲੇ ਦੇ ਇੱਕ ਨੌਜਵਾਨ ਦੀ ਲਾਸ਼ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਮਲੇਸ਼ੀਆ ਤੋਂ ਪਿੰਡ ਲਿਆਂਦੀ ਗਈ ਹੈ। ਜ਼ਿਲ੍ਹੇ ਦੇ ਪਿੰਡ ਰਾਏਸਰ ਦਾ ਨੌਜਵਾਨ 7 ਮਹੀਨੇ ਪਹਿਲਾਂ ਰੁਜ਼ਗਾਰ ਦੀ ਭਾਲ ਲਈ ਮਲੇਸ਼ੀਆ ਗਿਆ ਸੀ, ਜਿੱਥੇ ਉਸ ਦੀ 9 ਮਈ ਨੂੰ ਮੌਤ ਹੋ ਗਈ ਸੀ। ਮ੍ਰਿਤਕ ਦੀ ਲਾਸ਼ ਲਿਆਉਣ ਲਈ ਸੰਸਦ ਮੈਂਬਰ ਭਗਵੰਤ ਮਾਨ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ। ਜਿਨ੍ਹਾਂ ਦੇ ਯਤਨਾ ਸਦਕਾ ਲਾਸ਼ ਪਿੰਡ ਲਿਆਂਦੀ ਗਈ ਹੈ।
ਉਨ੍ਹਾਂ ਕਿਹਾ ਕਿ ਮਲੇਸ਼ੀਆ ਦੀ ਸਰਕਾਰ ਨੇ 15 ਮਈ ਨੂੰ ਕਿਹਾ ਸੀ ਕਿ ਉਸ ਦੇ ਭਰਾ ਦੀ ਲਾਸ਼ ਨੂੰ ਸਮੁੰਦਰ ਵਿੱਚ ਵਹਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ, ਮੰਤਰੀਆਂ ਆਦਿ ਨੂੰ ਉਸ ਦੇ ਭਰਾ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ। ਪਰ ਕਿਸੇ ਨੇ ਕੋਈ ਸਹਾਇਤਾ ਨਹੀਂ ਕੀਤੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਉਸ ਦੇ ਭਰਾ ਦੀ ਲਾਸ਼ ਇੱਕ ਮਹੀਨੇ ਬਾਅਦ ਉਸ ਦੇ ਪਿੰਡ ਪਹੁੰਚੀ।
ਇਸ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੰਤਰਰਾਸ਼ਟਰੀ ਉਡਾਣ ਬੰਦ ਹੋਣ ਕਾਰਨ ਮ੍ਰਿਤਕ ਗੁਰਪ੍ਰੀਤ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਦੇਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਮਲੇਸ਼ੀਆ ਵਿੱਚ ਕੋਰੋਨਾ ਕਾਰਨ ਹੋਈ ਮੌਤ ਦੀ ਦਰ ਬਹੁਤ ਜ਼ਿਆਦਾ ਸੀ ਤੇ ਮਲੇਸ਼ੀਆ ਵਿੱਚ ਮੋਰਚੇਰੀ ਲਾਸ਼ਾਂ ਨਾਲ ਭਰੀ ਹੋਈ ਸੀ, ਜਿਸ ਤੋਂ ਬਾਅਦ ਮਲੇਸ਼ੀਆ ਦੀ ਸਰਕਾਰ ਨੇ ਕਿਹਾ ਸੀ ਕਿ ਜਿਹੜਾ ਵੀ ਦੇਸ਼ ਆਪਣੇ ਨਾਗਰਿਕਾਂ ਦੀਆਂ ਲਾਸ਼ਾਂ ਲੈਣਾ ਚਾਹੁੰਦਾ ਹੈ ਲੈ ਜਾਵੇ, ਨਹੀਂ ਤਾਂ ਲਾਸ਼ਾਂ ਸਮੁੰਦਰ ਵਿੱਚ ਸੁੱਟ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਫ਼ੀ ਮੁਸ਼ਕਲਾਂ ਤੋਂ ਬਾਅਦ ਉਹ ਮ੍ਰਿਤਕ ਗੁਰਪ੍ਰੀਤ ਦੀ ਮ੍ਰਿਤਕ ਦੇਹ ਨੂੰ ਆਪਣੇ ਪਿੰਡ ਲੈ ਕੇ ਆਏ ਹਾਂ।