ਬਰਨਾਲਾ:ਪੀਆਰਟੀਸੀ (PRTC) ਵਿੱਚ ਲਗਾਤਾਰ ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਸਰਕਾਰੀ ਬੱਸਾਂ ਦੇ ਤਿੰਨ ਦਿਨਾਂ ਦੀ ਹੜਤਾਲ 'ਤੇ ਬੈਠ ਗਏ ਹਨ। ਬਰਨਾਲਾ ਦੀਆਂ ਸਾਰੀਆਂ ਸਰਕਾਰੀ ਬੱਸਾਂ ਦੇ ਡਰਾਈਵਰ, ਕੰਡਕਟਰ ਅਤੇ ਹੋਰ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਬਰਨਾਲਾ ਦੇ ਬੱਸ ਸਟੈਂਡ ਵਿਚ ਇਨ੍ਹਾਂ ਮੁਲਾਜ਼ਮਾਂ (Employees)ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉੱਥੇ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਵੱਖ-ਵੱਖ ਰੂਟਾਂ ਉਤੇ ਜਾਣ ਵਾਲੀਆਂ ਸਰਕਾਰੀ ਬੱਸਾਂ ਬੰਦ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਤੋਂ ਪੱਕੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਔਰਤਾਂ ਨੂੰ ਫਰੀ ਸਫਰ ਦਾ ਲਾਭ ਦੇ ਰਹੀ ਹੈ ਪਰ ਦੂਜੇ ਪਾਸੇ ਮੁਲਾਜ਼ਮਾਂ ਨੂੰ ਪੱਕਾ ਤੱਕ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਅੱਜ ਹੜਤਾਲ ਦਾ ਪਹਿਲਾ ਦਿਨ ਹੈ। ਜਿਸ ਕਰਕੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਾਰੀਆਂ ਹੀ ਬੱਸਾਂ ਬੰਦ ਹਨ ਅਤੇ ਪੰਜਾਬ ਭਰ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਅੱਜ ਹੜਤਾਲ 'ਤੇ ਹਨ। ਭਲਕੇ ਦੂਜੇ ਦਿਨ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ।
ਉਥੇ ਇਸ ਮੌਕੇ ਪ੍ਰੇਸ਼ਾਨ ਹੋ ਰਹੀ ਸਵਾਰੀਆਂ ਨੇ ਕਿਹਾ ਕਿ ਸਰਕਾਰੀ ਬੱਸਾਂ ਬੰਦ ਹੋਣ ਕਾਰਨ ਬੱਸ ਸਟੈਂਡ ਵਿਚ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸਰਕਾਰ ਨੂੰ ਇਨ੍ਹਾਂ ਹੜਤਾਲ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰ ਦੇਣਾ ਚਾਹੀਦਾ ਹੈ।