ਬਰਨਾਲਾ : ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਬਰਨਾਲਾ ਦੇ ਕਚਹਿਰੀ ਚੌਕ ਵਿਖੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਪੱਧਰੀ ਲਲਕਾਰ ਰੈਲੀ ਕੱਢੀ ਗਈ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਜ਼ਦੂਰ ਜਥੇਬੰਦੀ ਦੇ ਪੰਜਾਬ ਪ੍ਰਧਾਨ ਅਤੇ ਮੁਕਤੀ ਮੋਰਚਾ ਦੇ ਹੋਰ ਮਜ਼ਦੂਰ ਆਗੂ ਵੀ ਬਰਨਾਲਾ ਪਹੁੰਚੇ ਹੋਏ ਸਨ। ਬਰਨਾਲਾ ਦੇ ਕਚਹਿਰੀ ਚੌਕ ਵਿੱਚ ਇਕੱਤਰ ਹੋਏ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮਜ਼ਦੂਰਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।
ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ : ਇਸ ਮੌਕੇ ਜਥੇਬੰਦੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਜੋ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਉਹਨਾਂ ਤੋਂ ਸਰਕਾਰ ਪਿੱਛੇ ਹਟਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 18 ਸਾਲ ਤੋਂ ਵੱਧ ਉਮਰ ਵਾਲੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ ਪਰ ਡੇਢ ਸਾਲ ਬੀਤ ਜਾਣ ਤੇ ਸਰਕਾਰ ਨੇ ਇਸ ਗਾਰੰਟੀ ਵੱਲ ਕੋਈ ਧਿਆਨ ਨਹੀਂ ਦਿੱਤਾ। ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਰੁਜ਼ਗਾਰ ਗਾਰੰਟੀ ਵੀ ਦਿੱਤੀ ਗਈ ਸੀ ਪਰ ਅੱਜ ਪੰਜਾਬ ਸਰਕਾਰ ਉਨ੍ਹਾਂ ਸਾਰੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਰਹੇ ਹਨ। ਇਸਤੋਂ ਬਾਅਦ ਇਹ ਸੰਘਰਸ਼ ਦੀ ਮੁਹਿੰਮ ਪੰਜਾਬ ਦੇ ਹੋਰਨਾਂ ਜਿਲਿਆਂ ਵਿੱਚ ਲਿਜਾਈ ਜਾਵੇਗੀ। ਪਿੰਡਾਂ ਵਿੱਚ ਮਜ਼ਦੂਰਾਂ ਅਤੇ ਔਰਤਾਂ ਨੂੰ ਜਾਗਰੂਕ ਕਰਕੇ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਮਨਰੇਗਾ ਮਜ਼ਦੂਰਾਂ ਨੂੰ ਬਣਦਾ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਪ੍ਰਤੀ ਦਿਨ ਕਰਨ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਹੈ।
- India US Elections 2024: ਕੀ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਲਾਂਘਾ ਚੋਣਾਂ ਵਿੱਚ ਮੋਦੀ ਅਤੇ ਬਾਈਡਨ ਨੂੰ ਪਹੁੰਚਾਏਗਾ ਲਾਭ ?
- Branala Farmer News : ਹੜ੍ਹ ਪੀੜਤਾਂ ਲਈ ਕਿਸਾਨਾਂ ਨੇ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ, ਡੀਸੀ ਦਫ਼ਤਰ ਬਰਨਾਲਾ ਦੇ ਘਿਰਾਓ ਦਾ ਕੀਤਾ ਐਲਾਨ
- Action of Ludhiana Police: ਲੁਧਿਆਣਾ 'ਚ ਪੁਲਿਸ ਨੇ ਕੌਂਸਲਰ ਦੇ ਸਟਿੱਕਰ ਅਤੇ ਕਾਲੇ ਸ਼ੀਸ਼ੇ ਵਾਲੀ ਕਾਰ ਫੜੀ, ਮੌਕੇ 'ਤੇ ਕੱਟਿਆ ਚਲਾਨ
ਸੂਬੇ ਵਿੱਚ ਆਈ ਹਰ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਮੌਜੂਦਾ ਸਰਕਾਰ ਵੀ ਪਹਿਲਾਂ ਵਾਲੀਆਂ ਸਰਕਾਰਾਂ ਵਾਂਗ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦਾ ਕੋਈ ਯਤਨ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨ ਲਈ ਮਜ਼ਬੂਰ ਕਰਨਗੇ, ਜਿਸਦੀ ਜਿੰਮੇਵਾਰ ਭਗਵੰਤ ਮਾਨ ਦੀ ਸਰਕਾਰ ਹੋਵੇਗੀ।