ਬਰਨਾਲਾ: ਹਲਕਾ ਭਦੌੜ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਪ੍ਰਚਾਰ ਦੌਰਾਨ ਮੁੱਖ ਮੰਤਰੀ ਚੰਨੀ ਨੂੰ ਕਈ ਪਿੰਡਾਂ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹਲਕੇ ਦੇ ਪਿੰਡ ਫ਼ਤਹਿਗੜ੍ਹ ਛੰਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਸਵਾਲ ਕੀਤੇ ਜਾਣੇ ਸਨ।
ਪ੍ਰੰਤੂ ਮੁੱਖ ਮੰਤਰੀ ਚੰਨੀ ਸ਼ਾਂਤਮਈ ਸਵਾਲ ਕਰਨ ਲਈ ਖੜ੍ਹੇ ਕਿਸਾਨਾਂ ਨੂੰ ਮਿਲੇ ਬਣਾ ਹੀ ਗੱਡੀ ਤੋਂ ਬਿਨਾਂ ਉੱਤਰੇ ਅੱਗੇ ਲੰਘ ਗਏ। ਜਿਸ ਤੋਂ ਬਾਅਦ ਕਿਸਾਨਾਂ ਦਾ ਪਾਰਾ ਚੜ੍ਹ ਗਿਆ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਸ਼ੁਰੂ ਹੋ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਉਨ੍ਹਾਂ ਨੇ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਸਵਾਲ ਕਰਨੇ ਸਨ, ਪਰੰਤੂ ਉਹ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਸੰਬੰਧੀ ਸਵਾਲ ਕੀਤੇ ਜਾਣੇ ਸਨ, ਕਿਉਂਕਿ ਅਜੇ ਤੱਕ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਹੀਂ ਮਿਲਿਆ।
ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁਕਰਨ ਸੰਬੰਧੀ ਸਵਾਲ ਕੀਤੇ ਜਾਣੇ ਸਨ। ਇਸ ਤੋਂ ਇਲਾਵਾ ਮਾਨਸਾ ਵਿੱਚ ਇੱਕ ਡੀਐਸਪੀ ਵੱਲੋਂ ਰੁਜ਼ਗਾਰ ਮੰਗਦੇ ਸਾਡੇ ਨੌਜਵਾਨ ਲੜਕੇ ਲੜਕੀਆਂ ਦੀ ਕੁੱਟਮਾਰ ਕੀਤੀ ਗਈ, ਜਿਸ ਨੂੰ ਮੁਅੱਤਲ ਕਰਨ ਦੀ ਮੰਗ ਸੀ।
ਪ੍ਰੰਤੂ ਮੁੱਖ ਮੰਤਰੀ ਚੰਨੀ ਨੇ ਉਸ 'ਤੇ ਵੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੋਣਾਂ ਤੋਂ ਪਹਿਲਾਂ ਹੀ ਸਾਡੀ ਕੋਈ ਸੁਣਵਾਈ ਨਹੀਂ ਕਰ ਰਿਹਾ ਤਾਂ ਉਹ ਜਿੱਤਣ ਤੋਂ ਬਾਅਦ ਉਹ ਕਿਸੇ ਦੀ ਕੋਈ ਗੱਲ ਨਹੀਂ ਸੁਣੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਆਮ ਆਦਮੀ ਦੱਸ ਰਿਹਾ ਹੈ ਪ੍ਰੰਤੂ ਦੂਜੇ ਪਾਸੇ 100 ਤੋਂ ਵੱਧ ਗੱਡੀਆਂ ਦਾ ਕਾਫ਼ਲਾ ਲਈ ਫਿਰਦਾ ਹੈ।
ਇਹ ਵੀ ਪੜ੍ਹੋ:ਸਿਆਸੀ ਪਾਰਟੀਆਂ ਦੇ ਪਿਟਾਰੇ ਚੋਂ ਨਿਕਲੇ ਨਵੇਂ ਵਾਅਦੇ, ਕੀ ਪਹਿਲੇ ਹੋਏ ਪੂਰੇ ?