ਬਰਨਾਲਾ: ਬਰਨਾਲਾ 'ਚ ਈਸਾਈ ਭਾਈਚਾਰੇ ਵਲੋਂ ਸੂਬਾ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਭਾਈਚਾਰੇ ਦੇ ਲੋਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ ਗਿਆ। ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਇਸ ਵਾਰ ਵੀ ਬਜਟ 'ਚ ਭਾਈਚਾਰੇ ਲਈ ਕੋਈ ਪੈਸਾ ਨਹੀਂ ਰੱਖਿਆ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਈਸਾਈ ਫਰੰਟ ਦੇ ਕੌਮੀ ਪ੍ਰਧਾਨ ਲਾਰੇਂਸ ਚੌਧਰੀ ਅਤੇ ਈਸਾਈ ਗੁਰਬਾਜ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿੱਤਣ ਉਪਰੰਤ ਉਹਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ, ਪਰ ਸਰਕਾਰ ਦੇ 4 ਸਾਲ ਪੂਰੇ ਹੋ ਜਾਣ ਤੋਂ ਬਾਅਦ ਵੀ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਘੱਟ ਗਿਣਤੀਆਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ 6000 ਦੇ ਕਰੀਬ ਪਿੰਡਾਂ 'ਚ ਈਸਾਈ ਭਾਈਚਾਰੇ ਦੇ ਲੋਕ ਰਹਿੰਦੇ ਹਨ ਅਤੇ ਸਿਰਫ਼ 1000 ਪਿੰਡਾਂ 'ਚ ਹੀ ਈਸਾਈ ਭਾਈਚਾਰੇ ਲਈ ਕਬਰਿਸਤਾਨ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਘੱਟ ਗਿਣਤੀ ਭਾਈਚਾਰੇ ਲਈ ਸਿਰਫ਼ 20 ਕਰੋੜ ਰੁਪਏ ਬਜਟ 'ਚ ਰੱਖੇ ਗਏ ਹਨ ਅਤੇ ਇਸ ਵੀਹ ਕਰੋੜ ਰੁਪਏ ਨਾਲ 1000 ਪਿੰਡਾਂ 'ਚ ਜੋ ਕਬਰਿਸਤਾਨ ਹਨ, ਉਨ੍ਹਾਂ ਦੀ ਮਰੰਮਤ ਲਈ ਪ੍ਰਤੀ ਕਬਰਿਸਤਾਨ 5 ਲੱਖ ਰੁਪਏ ਦਾ ਪ੍ਰਾਵਧਾਨ ਬਜਟ 'ਚ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ 20 ਕਰੋੜ ਰੁਪਏ ਰੱਖੇ ਗਏ ਹਨ, ਉਹ ਸਿਰਫ਼ ਪਿੰਡਾਂ ਲਈ ਹਨ ਜਦਕਿ ਸ਼ਹਿਰਾਂ ਲਈ ਪੰਜਾਬ ਸਰਕਾਰ ਵਲੋਂ ਇਸ ਬਜਟ 'ਚ ਘੱਟ ਗਿਣਤੀਆਂ ਨੂੰ ਕੁੱਝ ਵੀ ਨਹੀਂ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਆਪਣੇ ਹਲਕੇ 'ਚ ਈਸਾਈ ਭਾਈਚਾਰੇ ਲਈ 2 ਕਰੋੜ ਰੁਪਏ ਦਿੱਤੇ ਗਏ ਹਨ ਅਤੇ ਇੱਕ ਕੰਮਿਊਨਿਟੀ ਹਾਲ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਘੱਟ ਗਿਣਤੀਆਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸਦਾ ਭੁਗਤਾਨ ਕਾਂਗਰਸ ਨੂੰ ਅਗਲੀ ਵਿਧਾਨਸਭਾ ਚੋਣਾਂ 'ਚ ਭੁਗਤਣਾ ਪਵੇਗਾ।
ਇਹ ਵੀ ਪੜ੍ਹੋ:ਕਿੰਨਾ ਕੁ ਜ਼ਰੂਰੀ ਹਨ ਕਿਸਾਨਾਂ ਵਾਸਤੇ ਆੜ੍ਹਤੀਏ , ਪੜ੍ਹੋ ਇਹ ਖ਼ਾਸ ਰਿਪੋਰਟ