ਬਰਨਾਲਾ: ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ ਹੈ।
ਬਰਨਾਲਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਜਿੱਥੇ ਸਰਕਾਰੀ ਹਸਪਤਾਲਾਂ ਵਿੱਚ ਅਰੋਗਿਆ ਮਿੱਤਰ ਰਾਹੀਂ ਸਹੂਲਤ ਦਿੱਤੀ ਜਾ ਰਹੀ ਹੈ। ਉਥੇ ਸੇਵਾ ਕੇਂਦਰਾਂ ਅਤੇ ਸੀਐਸਸੀ ਵਿੱਚ ਵੀ ਇਹ ਸਹੂਲਤ ਜਾਰੀ ਹੈ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿਚ ਰੋਜ਼ਾਨਾ ਪੱਧਰ ’ਤੇ ਕੈਂਪ ਲਾ ਕੇ ਈ-ਕਾਰਡ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਸ ਸਕੀਮ ਤਹਿਤ ਲਾਭਪਾਤਰੀ ਪਰਿਵਾਰ ਦਾ ਸਾਲਾਨਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਸੂਚੀਬੱਧ ਹਸਪਤਾਲਾਂ ਵਿਚ ਮੁਫਤ ਹੈ।
ਐਸਡੀਐਮ ਵਰਜੀਤ ਵਾਲੀਆ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਾ ਕੇ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵਾਰਡ ਨੰਬਰ 20, 19, 13, 12 ਤੇ 28 ਵਿੱਚ ਕੈਂਪ ਲਗਾ ਕੇ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਗਏ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਟਾਫ ਅਤੇ ਵੱਖ ਵੱਖ ਮਿਉਸਿਪਲ ਕੌਂਸਲਰਾਂ ਦੇ ਸਹਿਯੋਗ ਨਾਲ ਰੋਜ਼ਾਨਾ ਪੱਧਰ ’ਤੇ ਵੱਖ ਵੱਖ ਵਾਰਡਾਂ ਵਿਚ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਕੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਵਾਏ ਜਾਣ।