ਬਰਨਾਲਾ: ਐੱਨਐੱਚਆਰਐੱਮ ਸਮੂਹ ਰਾਸ਼ਟਰੀ ਸਿਹਤ ਮਿਸ਼ਨ ਦੇ ਅੰਤਰਗਤ ਸਰਕਾਰੀ ਹਸਪਤਾਲ ਦੇ ਸਟਾਫ਼ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ। ਹੜਤਾਲ ਕਰਨ ਵਾਲੇ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਅਣਦੇਖਿਆ ਕਰਕੇ ਸਿਹਤ ਵਿਭਾਗ ਨਵੀਂਆਂ ਭਰਤੀਆਂ ਕਰ ਰਿਹਾ ਹੈ।
ਇਸ ਮੌਕੇ ਸਰਕਾਰੀ ਹਸਪਤਾਲ ਦੇ ਹੜਤਾਲ ਕਰਨ ਵਾਲੇ ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਐੱਨਐੱਚਆਰਐੱਮ ਦੇ ਅਧੀਨ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਦੇ ਹੋਏ ਬਹੁਤ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਵੀ ਉਹ ਫ਼ਰੰਟ ਲਾਈਨ ’ਤੇ ਕੰਮ ਕਰ ਰਹੇ ਹਨ।
ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਹੋਰ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਪਰ ਠੇਕਾ ਆਧਾਰਤ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਪੰਜਾਬ ਦੇ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਉਨ੍ਹਾਂ ਨੂੰ ਅਣਦੇਖਿਆ ਕਰਕੇ ਸਿਹਤ ਵਿਭਾਗ ਵਲੋਂ ਨਵੀਆਂ ਭਰਤੀਆਂ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਉਨ੍ਹਾਂ ਨੇ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਹੈ। ਪੰਜਾਬ ਸਰਕਾਰ ਨੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਪੱਕੇ ਤੌਰ ’ਤੇ ਹੜਤਾਲ ’ਤੇ ਚਲੇ ਜਾਣਗੇ।