ਬਰਨਾਲਾ: ਕਸਬਾ ਧਨੌਲਾ ਵਿੱਚ ਕੋਰੋਨਾ ਵਾਇਰਸ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਨੂੰ ਬੀਤੇ ਕੱਲ੍ਹ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ।
ਇਸ ਤੋਂ ਬਾਅਦ ਬਰਨਾਲਾ ਦਾ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਇੱਕ 22 ਨੌਜਵਾਨ ਨੂੰ ਵੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਈਸੋਲੇਟ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ। ਸਿਹਤ ਵਿਭਾਗ ਵਲੋਂ ਹਜ਼ੂਰ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਦੀ ਸੈਂਪਲਿੰਗ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ 74 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਵਾਪਸ ਆ ਰਹੇ ਹਨ, ਜਿਨ੍ਹਾਂ ਨੂੰ 14 ਦਿਨਾਂ ਦਾ ਇਕਾਂਤਵਾਸ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਕੋਰੋਨਾ ਸਬੰਧੀ ਜਾਂਚ ਕੀਤੀ ਜਾਵੇਗੀ। ਹੁਣ ਤੱਕ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ 2 ਸ਼ਰਧਾਲੂਆਂ ਦੀ ਕੋਰੋਨਾ ਜਾਂਚ ਦਾ ਨਮੂਨਾ ਲੈਣ ਤੋਂ ਬਾਅਦ ਉਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ਵਿਚ ਰੱਖਿਆ ਗਿਆ ਹੈ।
ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ 323 ਕੋਰੋਨਾ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ 259 ਰਿਪੋਰਟਾਂ ਨੈਗੇਟਿਵ ਆਈਆ ਹਨ ਜਦ ਕਿ 64 ਸੈਂਪਲਾਂ ਦੀ ਰਿਪੋਰਟ ਸ਼ਾਮ ਤੱਕ ਆਉਣ ਦੀ ਸੰਭਾਵਨਾ ਹੈ।