ਬਰਨਾਲਾ: ਨਗਰ ਕੌਂਸਲ ਚੋਣਾਂ ਦੀਆਂ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਐਸਡੀਐਮ ਬਰਨਾਲਾ ਕੋਲ ਦਾਖ਼ਲ ਕਰਵਾਏ ਗਏ। ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ ਤੇ ਲੜਨ ਅਤੇ ਜਿੱਤਣ ਦੇ ਦਾਅਵੇ ਕੀਤੇ ਜਾ ਰਹੇ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ਹਿਰ ਦੇ ਸਾਰੇ 31 ਵਾਰਡਾਂ ਤੋਂ ਚੋਣ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਵੱਲੋਂ ਜੋ ਗ੍ਰਾਂਟਾਂ ਬਰਨਾਲਾ ਸ਼ਹਿਰ ਲਈ ਭੇਜੀਆਂ ਗਈਆਂ ਸਨ, ਉਨ੍ਹਾਂ ਨਾਲ ਸ਼ਹਿਰ ਦਾ ਵੱਡੇ ਪੱਧਰ 'ਤੇ ਵਿਕਾਸ ਕੀਤਾ ਗਿਆ ਹੈ। ਇਸੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਚੋਣ ਲੜ ਰਹੀ ਹੈ ਅਤੇ ਜਿੱਤ ਹਾਸਲ ਕਰੇਗੀ।
ਉੱਧਰ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ਹਿਰ ਵਿਚ 24 ਵਾਰਡਾਂ 'ਤੇ ਚੋਣ ਲੜ ਰਹੀ ਹੈ। ਪਾਰਟੀ ਦੇ ਉਮੀਦਵਾਰ ਚੋਣਾਂ ਵਿੱਚ ਪੈਸੇ ਅਤੇ ਨਸ਼ੇ ਦੀ ਕੋਈ ਵਰਤੋਂ ਨਹੀਂ ਕਰਨਗੇ। ਪਾਰਟੀ ਵੱਲੋਂ ਇਹ ਚੋਣ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਕਾਰਜਾਂ ਦੇ ਆਧਾਰ ਤੇ ਲੜੀ ਜਾਵੇਗੀ।
ਉੱਧਰ ਇਸ ਮੌਕੇ ਚੋਣ ਲੜ੍ਹ ਰਹੇ ਉਮੀਦਵਾਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਵਾਰਡਾਂ ਦੇ ਮੁੱਦਿਆਂ ਨੂੰ ਲੈ ਕੇ ਚੋਣ ਲੜੀ ਜਾ ਰਹੀ ਹੈ। ਉਨ੍ਹਾਂ ਦਾ ਮੁੱਖ ਮੁੱਦਾ ਵਾਰਡਾਂ ਦਾ ਵਿਕਾਸ ਕਰਨਾ ਹੈ।