ਬਰਨਾਲਾ: ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਵਿੱਚ ਲੌਕਡਾਊਨ ਲੱਗਿਆ ਹੋਇਆ ਹੈ, ਜਿਸ ਕਰਕੇ ਆਮ ਲੋਕਾਂ ਨੂੰ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਵੀ ਕਰਫਿਊ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਮਕਾਰ ਬੰਦ ਹੋਣ ਕਾਰਨ ਰਾਸ਼ਨ ਲੈਣ ਲਈ ਵੀ ਪ੍ਰਵਾਸੀ ਮਜ਼ਦੂਰਾਂ ਕੋਲ ਪੈਸੇ ਨਹੀਂ ਰਹੇ, ਜਿਸ ਕਰਕੇ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਨੂੰ ਵਾਪਸੀ ਕੀਤੀ ਜਾ ਰਹੀ ਹੈ। ਅਜਿਹਾ ਇੱਕ ਮਾਮਲਾ ਬਰਨਾਲਾ ਵਿਖੇ ਵੀ ਦਿਖਾਈ ਦਿੱਤਾ, ਜਿੱਥੇ ਫਰੀਦਕੋਟ ਦੇ ਕੋਟਕਪੂਰਾ ਤੋਂ ਸਾਈਕਲਾਂ ਰਾਹੀਂ ਚੱਲ ਕੇ ਆਏ ਮਜ਼ਦੂਰ ਬਿਹਾਰ ਲਈ ਰਵਾਨਾ ਹੋ ਰਹੇ ਸਨ।
ਇਨ੍ਹਾਂ ਮਜ਼ਦੂਰਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਫ਼ਰੀਦਕੋਟ ਜ਼ਿਲ੍ਹੇ ਦੇ ਕਿਸੇ ਵੀ ਪ੍ਰਸ਼ਾਸਨ ਨੇ ਸੁਣਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਜਿਸ ਕੰਪਨੀ ਵਿੱਚ ਉਹ ਕੰਮ ਕਰਦੇ ਸਨ, ਉਨ੍ਹਾਂ ਵੱਲੋਂ 2 ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕੋਲ ਖਾਣ ਲਈ ਰਾਸ਼ਨ ਵੀ ਮੁੱਕ ਚੁੱਕਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਦਿੱਤੀ ਜਾ ਰਹੀ ਸੀ, ਜਿਸ ਕਰਕੇ ਮਜਬੂਰਨ ਉਨ੍ਹਾਂ ਨੇ ਆਪਣੇ ਘਰਾਂ ਨੂੰ ਵਾਪਸ ਜਾਣ ਦਾ ਫੈਸਲਾ ਕੀਤਾ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 46 ਲੱਖ ਤੋਂ ਪਾਰ, 3 ਲੱਖ ਮੌਤਾਂ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਬਿਹਾਰ ਤੋਂ ਘਰਾਂ ਤੋਂ ਪੈਸੇ ਮੰਗਵਾ ਕੇ ਸਾਈਕਲ ਖ਼ਰੀਦੇ ਗਏ ਅਤੇ ਉਹ ਸਾਈਕਲਾਂ 'ਤੇ ਹੀ ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਖਾਣ-ਪੀਣ ਲਈ ਕੋਈ ਰਾਸ਼ਨ ਨਹੀਂ ਹੈ। ਤਕਰੀਬਨ 10 ਦਿਨ ਉਨ੍ਹਾਂ ਨੂੰ ਬਿਹਾਰ ਜਾਣ ਲਈ ਲੱਗ ਜਾਣਗੇ, ਪਰ ਉਨ੍ਹਾਂ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।
ਭਾਵੇਂ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਸੀ ਲਈ ਯਤਨ ਕੀਤੇ ਜਾ ਰਹੇ ਹਨ, ਪਰ ਅਫ਼ਸਰਸ਼ਾਹੀ ਅਜੇ ਵੀ ਇਨ੍ਹਾਂ ਮਜ਼ਦੂਰਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸੇ ਕਰਕੇ ਉਨ੍ਹਾਂ ਵੱਲੋਂ ਮਜ਼ਬੂਰਨ ਪੈਦਲ ਜਾਂ ਸਾਈਕਲਾਂ ਰਾਹੀਂ ਆਪਣੇ ਘਰਾਂ ਨੂੰ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਗਏ ਹਨ।