ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਤਾਰ ਪੰਜਾਬ ਵਿੱਚ 22 ਮਾਰਚ ਤੋਂ ਕਰਫਿਊ ਜਾਰੀ ਹੈ। 20 ਅਪ੍ਰੈਲ ਤੋਂ ਦਿੱਤੀ ਜਾਣ ਵਾਲੀ ਛੋਟ ਵੀ ਪੰਜਾਬ ਸਰਕਾਰ ਅਤੇ ਬਰਨਾਲਾ ਪ੍ਰਸ਼ਾਸਨ ਨੇ ਰੱਦ ਕਰ ਦਿੱਤੀ ਹੈ। ਬਰਨਾਲਾ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੀ ਕੋਈ ਛੋਟ ਨਹੀਂ ਹੈ ਅਤੇ ਪਹਿਲਾਂ ਦੀ ਤਰ੍ਹਾਂ ਪਾਸ ਵਾਲੇ ਵਿਅਕਤੀ ਹੀ ਘਰਾਂ ਤੋਂ ਬਾਹਰ ਨਿਕਲ ਸਕਣਗੇ। ਜੋ ਵਿਅਕਤੀ ਬਿਨ੍ਹਾਂ ਵਜ੍ਹਾ ਕਰਫਿਊ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਬਰਨਾਲਾ ਦੇ ਡੀਐਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਹੁਣ ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲੇ 123 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 239 ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਕਰਫਿਊ ਦੀ ਉਲੰਘਣਾ ਕਰ ਰਿਹਾ ਹੈ, ਉਸ ਦੇ ਖਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੋਵਿਡ-19 ਮਰੀਜ਼ਾਂ ਦਾ ਇਲਾਜ ਕਰ ਰਹੀ ਆਪਣੀ ਧੀ ਉੱਤੇ ਮਾਣ: ਮਿਲਖਾ ਸਿੰਘ
ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਪੁਲਿਸ ਵੱਲੋਂ ਵੱਖੋ-ਵੱਖਰੇ ਚੌਕਾਂ ਵਿੱਚ ਨਾਕੇਬੰਦੀ ਕੀਤੀ ਗਈ ਹੈ ਤਾਂ ਕਿ ਬੇਵਜ੍ਹਾ ਘੁੰਮ ਰਹੇ ਵਿਅਕਤੀਆਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਘਰਾਂ ਤੋਂ ਨਿਕਲਣ ਤੋਂ ਰੋਕਿਆ ਜਾਵੇ। ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਲਈ ਜ਼ਿਲ੍ਹੇ ਵਿੱਚ 3 ਓਪਨ ਜੇਲ੍ਹਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।