ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਲਗਾਤਾਰ ਕਰਫ਼ਿਊ ਜਾਰੀ ਹੈ। ਇਸ ਦੇ ਬਾਵਜੂਦ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਖ਼ੈਰੀਅਤ ਹੈ ਕਿ ਬਰਨਾਲਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਇਕ ਵੀ ਮਰੀਜ਼ ਨਹੀਂ ਹੈ ਪਰ ਇਸ ਦੇ ਬਾਵਜੂਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤਾਈ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਬਰਨਾਲਾ ਪੁਲਿਸ ਵੱਲੋਂ ਕਰਫਿਊ ਦਾ ਉਲੰਘਣ ਕਰਨ ਵਾਲੇ ਲੋਕਾਂ ਖ਼ਿਲਾਫ਼ ਜਿੱਥੇ ਪਰਚੇ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਓਪਨ ਜੇਲ੍ਹ ਵਿੱਚ ਲਿਜਾਇਆ ਜਾ ਰਿਹਾ ਹੈ।
ਬਰਨਾਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਿਆਂ ਦੌਰਾਨ ਕਰਫਿਊ ਦਾ ਉਲੰਘਣ ਕਰਨ ਵਾਲੇ ਲੋਕਾਂ ਨੂੰ ਓਪਨ ਜੇਲ੍ਹ ਵਿੱਚ ਲਿਜਾਇਆ ਗਿਆ। ਇਨ੍ਹਾਂ ਲੋਕਾਂ ਨੂੰ ਸਵੇਰ ਤੋਂ ਲੈ ਕੇ ਸ਼ਾਮ ਤੱਕ ਓਪਨ ਜੇਲ੍ਹ ਵਿੱਚ ਬਿਠਾਇਆ ਗਿਆ ਅਤੇ ਕੋਰੋਨਾ ਵਾਇਰਸ ਤੋਂ ਬਚਣ ਦਾ ਸਬਕ ਪੜ੍ਹਾਇਆ ਗਿਆ।
ਇਸ ਤੋਂ ਇਲਾਵਾ ਪੁਲਿਸ ਵੱਲੋਂ ਉਲੰਘਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਪਰਚੇ ਵੀ ਦਰਜ ਕੀਤੇ ਗਏ ਹਨ। ਇਸ ਸਬੰਧੀ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਡੀਜੀਪੀ ਪੰਜਾਬ ਅਤੇ ਐਸਐਸਪੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਨਾਮਕ ਭਿਆਨਕ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਦੇ ਬਾਵਜੂਦ ਕੁਝ ਲੋਕ ਬੇਵਜ੍ਹਾ ਘਰਾਂ ਤੋਂ ਬਾਹਰ ਨਿਕਲ ਰਹੇ ਹਨ, ਜਿਨ੍ਹਾਂ ਵਿਰੁੱਧ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕਾਰਵਾਈ ਦੇ ਚੱਲਦਿਆਂ ਜਿੱਥੇ ਉਲੰਘਣ ਕਰਨ ਵਾਲੇ ਲੋਕਾਂ ਤੇ ਧਾਰਾ 188 ਦਾ ਪਰਚੇ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਇਨ੍ਹਾਂ ਨੂੰ ਬਰਨਾਲਾ ਵਿੱਚ ਬਣਾਈ ਗਈ ਓਪਨ ਜੇਲ੍ਹ ਵਿੱਚ ਲਿਆਂਦਾ ਜਾ ਰਿਹਾ ਹੈ ਤਾਂ ਕਿ ਇਹ ਵਿਅਕਤੀ ਅੱਗੇ ਤੋਂ ਕਰਫਿਊ ਦਾ ਉਲੰਘਣ ਨਾ ਕਰਨ ਅਤੇ ਘਰਾਂ ਵਿੱਚ ਬੈਠਣ।