ਬਰਨਾਲਾ: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਗੁਲਾਬੀ ਸੁੰਡੀ ਦੀ ਮਾਰ ਦਾ ਕਿਸਾਨਾਂ ਨੂੰ ਸਾਹਮਣਾ ਕਰਨਾ ਪਿਆ ਹੈ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਕੀਤੀ ਜਾਵੇ। ਇਸ ਦੇ ਨਾਲ ਹੀ ਬਰਨਾਲਾ ਦੇ ਡੀ.ਸੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲੇ 'ਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਤਹਿਸੀਲ ਤਪਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨਾਂ ਪਿੰਡ ਤਾਜੋਕੇ, ਪੱਖੋ ਕਲਾਂ, ਰੂੜੇਕੇ ਖੁਰਦ, ਭੈਣੀ ਫੱਤਾ, ਧੂਰਕੋਟ, ਪੰਧੇਰ ਤੇ ਕੋਟਦੁੱਨਾ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਪਿੰਡਾਂ 'ਚ ਨਰਮੇ ਦੀ ਫਸਲ ਦੇ ਜਾਇਜ਼ੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ, ਜਿਸ ਮਗਰੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਲਖੀਮਪੁਰ ਘਟਨਾ ਨੂੰ ਲੈਕੇ ਢੀਂਡਸਾ ਨੇ PM ਮੋਦੀ ਨੂੰ ਲਿਖਿਆ ਪੱਤਰ
ਡੀਸੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹੇ 'ਚ ਲੱਗਭਗ 1610 ਹੈਕਟੇਅਰ ਰਕਬੇ 'ਚ ਨਰਮੇ ਦੀ ਬਿਜਾਈ ਹੋਈ ਹੈ ਅਤੇ ਵੱਖ-ਵੱਖ ਪਿੰਡਾਂ 'ਚ ਗੁਲਾਬੀ ਸੁੰਡੀ ਕਾਰਨ ਹੋਏ ਵੱਖ-ਵੱਖ ਨੁਕਸਾਨ ਬਾਰੇ ਜਲਦ ਤੋਂ ਜਲਦੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।
ਇਹ ਵੀ ਪੜ੍ਹੋ:ਹੁਣ 20 ਰੁਪਏ ‘ਚ ਹੋਵੇਗਾ ਪਰਾਲੀ ਦਾ ਹੱਲ! ਇਸ ਕੈਪਸੂਲ ਰਾਹੀਂ ਪਰਾਲੀ ਬਣ ਜਾਵੇਗੀ ਜੈਵਿਕ ਖਾਦ
ਇਸ ਮੌਕੇ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਦੀ ਗੁਲਾਬੀ ਸੁੰਡੀ ਨਾਲ ਫਸਲ ਪੂਰੀ ਤਰ੍ਹਾਂ ਪ੍ਰਭਾਵਿਤ ਹੈ। ਜਿਸ ਕਰਕੇ ਸਰਕਾਰ ਉਹਨਾਂ ਦੀ ਬਰਬਾਦ ਹੋਈ ਫਸਲ ਦੀ ਜਲਦ ਤੋਂ ਜਲਦ ਗਿਰਦਾਵਰੀ ਕਰਵਾਏ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਰਾਣਾ ਪੰਧੇਰ ਨੇ ਕਿਹਾ ਕਿ ਸਰਕਾਰ ਇਸ ਨੁਕਸਾਨੀ ਫ਼ਸਲ ਦਾ ਘੱਟੋ-ਘੱਟ 60 ਹਜ਼ਾਰ ਮੁਆਵਜ਼ਾ ਦੇਵੇ ਤਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਹੋ ਸਕੇ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਏਡੀਓ ਸਤਨਾਮ ਸਿੰਘ, ਜਸਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸਬ ਇੰਸਪੈਕਟਰ ਸੁਨੀਲ ਕੁਮਾਰ, ਮੱਖਣ ਲਾਲ ਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਕਾਂਡ: ਪੀੜਤ ਪਰਿਵਾਰਾਂ ਨੂੰ ਮਿਲੇ ਸਿੱਧੂ, ਦੁੱਖ ਕੀਤਾ ਸਾਝਾਂ