ਬਰਨਾਲਾ: ਪੰਜਾਬ ਵਿੱਚ ਕਰਜ਼ੇ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਕਰਜ਼ੇ ਤੋਂ ਦੁਖੀ ਇੱਕ ਕਿਸਾਨ ਵਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ।
ਮਿਲੀ ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ (65) ਪੁੱਤਰ ਪੂਰਨ ਸਿੰਘ ਕੋਲ ਸਿਰਫ ਦੋ ਏਕੜ ਦੇ ਕਰੀਬ ਜ਼ਮੀਨ ਹੈ ਅਤੇ ਉਸ ਉਪਰ 20 ਲੱਖ ਰੁਪਏ ਦੇ ਕਰੀਬ ਬੈਂਕਾਂ ਦਾ ਕਰਜ਼ਾ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ।
ਉਧਰ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਸਿਕੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੇ ਬੋਝ ਤੋਂ ਬਾਹਰ ਨਹੀਂ ਨਿਕਲ ਸਕਿਆ ਅਤੇ ਖੁਦਕੁਸ਼ੀਆਂ ਕਰ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਪਰਿਵਾਰ ਨੂੰ 5 ਲੱਖ ਮੁਆਵਜ਼ਾ ਰਾਸ਼ੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਪੁਲਿਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ਼ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਹੈ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਮ੍ਰਿਤਕ ਦੇ ਪੁੱਤਰ ਲਵਦੀਪ ਸਿੰਘ ਦੇ ਬਿਆਨ ਦਰਜ਼ ਕਰਕੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ:- ਹੈਲੀਕਾਪਟਰ ਕ੍ਰੈਸ਼ ਮਾਮਲਾ: ਰਣਜੀਤ ਸਾਗਰ ਡੈਮ ‘ਚੋਂ ਦੂਜੇ ਪਾਇਲਟ ਦੀ ਵੀ ਮਿਲੀ ਮ੍ਰਿਤਕ ਦੇਹ