ਬਰਨਾਲਾ : ਪੰਜਾਬ ਸਰਕਾਰ ਵੱਲੋਂ ਅੱਜ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ 590 ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਮਜ਼ਦੂਰਾਂ ਲਈ ਇਸ ਕਰਜ਼ਾ ਮੁਆਫੀ ਨੂੰ ਵੱਡੀ ਰਾਹਤ ਦੱਸਿਆ ਜਾ ਰਿਹਾ ਹੈ। ਉੱਥੇ ਸਰਕਾਰ ਦੇ ਇਸ ਐਲਾਨ 'ਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਸਰਕਾਰ ਨੂੰ ਘੇਰਿਆ ਹੈ।
ਕਾਮਰੇਡ ਮੱਖਣ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਰਕਾਰ ਵੱਲੋਂ ਕੀਤਾ ਗਿਆ ਕਰਜ਼ਾ ਮੁਆਫੀ ਦਾ ਐਲਾਨ ਸਿਰਫ ਚੋਣ ਸਟੰਟ ਹੈ। ਕਿਉਂਕਿ ਮਜ਼ਦੂਰ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੀ ਮੰਗ ਕਰਦੇ ਆ ਰਹੇ ਹਨ। ਸਿਰਫ ਮਜ਼ਦੂਰ ਮਹਿਲਾਵਾਂ ਸਿਰ ਪ੍ਰਾਈਵੇਟ ਫ਼ਾਈਨਾਂਸ ਕੰਪਨੀਆਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਹੈ, ਜਿਸ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਮੁੱਚੇ ਮਜ਼ਦੂਰਾਂ ਅਤੇ ਕਿਸਾਨਾਂ ਦਾ ਸੰਪੂਰਨ ਆੜ੍ਹਤੀਆਂ ਅਤੇ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਸਰਕਾਰ ਆਪਣੇ ਵਾਅਦੇ ਅਨੁਸਾਰ ਕੁੱਝ ਵੀ ਨਹੀਂ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਸ ਐਲਾਨ ਦਾ ਕੋਈ ਸਵਾਗਤ ਨਹੀਂ ਕੀਤਾ ਜਾ ਰਿਹਾ। ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਬਣਾਏ ਗਏ ਸਾਂਝੇ ਮੋਰਚੇ ਤਹਿਤ 9 ਤੋਂ 11 ਅਗਸਤ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋਂ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਚੱਲਿਆ ਪੁਲਿਸ ਦਾ ਡੰਡਾ