ਬਰਨਾਲਾ: ਜ਼ਿਲ੍ਹੇ ਦੇ ਪਿੰਡ ਜੈਮਲ ਸਿੰਘ ਵਾਲਾ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਬੀਤੇ ਦਿਨੀਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ। ਨੌਜਵਾਨ ਵੱਲੋਂ ਇਹ ਖ਼ੁਦਕੁਸ਼ੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਕੇਂਦਰ ਸਰਕਾਰ ਵਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਰੋਸ ਵੱਜੋਂ ਕੀਤੀ ਗਈ ਸੀ। ਜਿਸ ਉਪਰੰਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਪਿੰਡ ਵਾਸੀਆ ਵੱਲੋਂ ਮ੍ਰਿਤਕ ਨੌਜਵਾਨ ਸਤਵੰਤ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਰੱਖੀ ਸੀ, ਜਿਸ ਕਰਕੇ 4 ਦਿਨਾਂ ਬਾਅਦ ਵੀ ਮ੍ਰਿਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਸਤਵੰਤ ਸਿੰਘ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਅੱਜ 4 ਦਿਨਾਂ ਬਾਅਦ ਵੀ ਮੁਆਵਜ਼ਾ ਨਾ ਦੇਣ ਦੇ ਰੋਸ ਵੱਜੋਂ ਕਿਸਾਨ ਜੱਥੇਬੰਦੀ ਵੱਲੋਂ ਸਰਕਾਰੀ ਹਸਪਤਾਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜੋ: ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਗਰਜੇ ਮੁਲਾਜ਼ਮ
ਇਸ ਮੌਕੇ ਗੱਲਬਾਤ ਕਰਦਿਆਂ ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਨੇ ਦੱਸਿਆ ਕਿ ਸਤੰਵਤ ਸਿੰਘ ਦਿੱਲੀ ਮੋਰਚੇ ਦੌਰਾਨ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਨੂੰ ਸਹਿਣ ਨਹੀਂ ਕਰ ਸਕਿਆ ਅਤੇ ਖ਼ੁਦਕੁਸ਼ੀ ਕਰ ਗਿਆ ਸੀ। ਜਿਸਦੀ ਮੌਤ ਨੂੰ 4 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਮੁਆਵਜ਼ਾ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀ ਹੈ। ਪਰ ਦੂਜੇ ਪਾਸੇ ਕਿਸਾਨਾਂ ਦੀਆਂ ਲਾਸ਼ਾਂ ਨੂੰ ਰੋਲਿਆ ਜਾ ਰਿਹਾ ਹੈ। ਇੱਥੋਂ ਦੀ ਅਫ਼ਸਰਸ਼ਾਹੀ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ। ਜਿਸ ਕਰਕੇ ਉਹਨਾਂ ਨੂੰ ਮਜਬੂਰਨ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦਾ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਡੀਸੀ ਬਰਨਾਲਾ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ ਅਤੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ।